ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, 2024:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 80 ਫੀਸਦੀ ਮਤਦਾਨ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਅਪ੍ਰੈਲ ਨੂੰ ਸਪੋਰਟਸ ਕੰਪਲੈਕਸ-78 ਮੁਹਾਲੀ ਤੋਂ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਵਿੱਚ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਕਈ ਗਤੀਵਿਧੀਆਂ ਉਲੀਕੀਆਂ ਗਈਆਂ ਹਨ। ਇਸ ਦੀ ਨਿਰੰਤਰਤਾ ਵਿੱਚ, ਇੱਕ ਮੈਰਾਥਨ ਦੌੜ ਦੀ ਯੋਜਨਾ ਬਣਾਈ ਗਈ ਹੈ ਜੋ ਸਵੇਰ ਦੇ ਸਮੇਂ ਵਿੱਚ 1.6 ਕਿਲੋਮੀਟਰ ਦੀ ਦੂਰੀ ਨੂੰ ਤੈਅ ਕਰੇਗੀ।
ਉਨ੍ਹਾਂ ਨੇ ਮਹਿਲਾ ਵੋਟਰਾਂ, ਖਾਸ ਕਰਕੇ ਨੌਜਵਾਨ ਅਤੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਅੱਗੇ ਆਉਣ ਅਤੇ ਇਸ ਜਾਗਰੂਕਤਾ ਗਤੀਵਿਧੀ ਦਾ ਹਿੱਸਾ ਬਣਨ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੈਰਾਥਨ ਲਈ ਇਕੱਠੇ ਹੋਣ ਦਾ ਸਮਾਂ ਸਵੇਰੇ 6:00 ਵਜੇ ਹੈ ਜਦਕਿ ਸਪੋਰਟਸ ਕੰਪਲੈਕਸ, ਸੈਕਟਰ-78, ਮੋਹਾਲੀ ਤੋਂ ਮੈਰਾਥਨ ਸ਼ੁਰੂ ਹੋਣ ਦਾ ਸਮਾਂ ਸਵੇਰੇ 6:30 ਵਜੇ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੀ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰ ਪਾਰਟੀਸੀਪੇਸ਼ਨ ਟੀਮ ਵੱਲੋਂ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।