ਸਮਾਜਿਕ ਬੁਰਾਈਆਂ,ਨਸ਼ਿਆਂ ਦੇ ਖਾਤਮੇ ਲਈ ਔਰਤਾਂ/ਲੜਕੀਆਂ ਦਾ ਸਹਿਯੋਗ ਜ਼ਰੂਰੀ- ਸੰਧਵਾਂ

Politics Punjab

ਫਰੀਦਕੋਟ 19 ਦਸੰਬਰ,2024

ਪੰਜਾਬ ਦੀਆਂ ਧੀਆਂ ਹਰ ਖੇਤਰ ਵਿੱਚ ਰਾਜ ਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ ਤੇ ਧੀਆਂ ਸਾਡੇ ਲਈ ਵੱਡਾ ਮਾਣ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ । ਉਨ੍ਹਾਂ ਸਮਾਗਮ ਦੇ ਆਯੋਜਕ, ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਔਰਤਾਂ ਤੇ ਲੜਕੀਆਂ ਨੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਕੇ ਸੂਬੇ ਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ।

ਆਪਣੇ ਸੰਬੋਧਨ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਔਰਤਾਂ ਤੇ ਲੜਕੀਆਂ ਸਭ ਤੋਂ ਵੱਧ ਰੋਲ ਅਦਾ ਕਰ ਸਕਦੀਆਂ ਹਨ। ਉਹਨਾਂ ਕਿਹਾ ਕਿ ਬੱਚਿਆਂ ਨੂੰ ਬੁਰੀ ਸੰਗਤ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਲਗਾਉਣਾ ਸਮੇਂ ਦੀ ਲੋੜ ਹੈ ਤੇ ਬੱਚਿਆਂ ਨੂੰ ਵੱਧ ਤੋਂ ਵੱਧ ਨੈਤਿਕ ਸਿੱਖਿਆ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਲੜਕੀਆਂ ਨੂੰ ਇਹ ਵੀ ਸੰਦੇਸ਼ ਦਿੱਤਾ ਕਿ ਉਹ ਲੋਕਾਂ ਨੂੰ ਵੱਧ ਤੋਂ ਵੱਧ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਤਾਂ ਜੋ ਸੜਕੀ ਆਵਾਜਾਈ ਸਬੰਧੀ ਹੁੰਦੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਕਿ ਬੱਚਿਆਂ ਨੂੰ ਤਕਨੀਕੀ ਸਿੱਖਿਆ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਲਈ ਦੇਸ਼ ਵਿਦੇਸ਼ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਾਪਤ ਹੋ ਸਕਣ।  ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ ਘਰ ਬੈਠੇ ਵਿਦੇਸ਼ੀ ਕੰਪਨੀਆਂ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਦਿਵਾਏ ਜਾਣ ਅਤੇ ਇਸ ਲਈ ਵਿਦੇਸ਼ੀ ਕੰਪਨੀਆਂ ਨਾਲ ਗੱਲਬਾਤ ਵੀ ਚੱਲ ਰਹੀ ਹੈ। ਇਸ ਮੌਕੇ ਸ. ਸੰਧਵਾ ਨੇ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ/ਔਰਤਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਵੱਖ-ਵੱਖ ਕੰਪਨੀਆਂ ਦੁਆਰਾ ਸਿਲੈਕਟ ਕੀਤੀਆਂ ਗਈਆਂ ਲੜਕੀਆਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੀ ਵੰਡੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ ਕਿ ਲੜਕੀਆਂ/ਔਰਤਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਪ੍ਰਾਈਵੇਟ ਨੌਕਰੀਆਂ ਵੀ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਔਰਤਾਂ ਆਪਣੇ ਪੈਰਾਂ ਦੇ ਖੜ੍ਹੀਆਂ ਹੋ ਕੇ ਸਮਾਜ ਵਿੱਚ ਹੋਰ ਅੱਗੇ ਆ ਸਕਣ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਸ੍ਰੀ ਜਸਬੀਰ ਜੱਸੀ ਵੱਲੋਂ ਨਿਭਾਈ ਗਈ ।

ਇਸ ਮੌਕੇ ਡੀ.ਆਈ.ਜੀ. ਸ੍ਰੀ ਅਸ਼ਵਨੀ ਕੁਮਾਰ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਡਾ. ਪ੍ਰੱਗਿਆ ਜੈਨ, ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ, ਜਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ, ਜਿਲ੍ਹਾ ਬਾਲ ਸੁਰੱਖਿਆ ਅਫਸਰ ਅਮਨਦੀਪ ਸਿੰਘ ਸੋਢੀ, ਪ੍ਰਿੰ.ਜਸਵਿੰਦਰ ਪਾਲ ਸਿੰਘ ਮਿੰਟੂ ਝੱਖੜਵਾਲਾ, ਸੁਖਵੰਤ ਸਿੰਘ ਪੱਕਾ, ਅਮਨਦੀਪ ਸਿੰਘ ਪੀ.ਏ. ਹਾਜ਼ਰ ਸਨ।

Leave a Reply

Your email address will not be published. Required fields are marked *