‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪਹੁੰਚੀ ਫੈਸਲਾਕੁੰਨ ਦੌਰ ਵਿੱਚ

Politics Punjab

ਚੰਡੀਗੜ੍ਹ, 3 ਮਈ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਵਿੱਢੀ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫੈਸਲਾਕੁੰਨ ਦੌਰ ਵਿੱਚ ਪਹੁੰਚ ਗਈ ਹੈ ਜਿੱਥੇ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਵਿੱਚ ਹਰ ਪਿੰਡ ਤੇ ਵਾਰਡ ਇਸ ਦਾ ਹਿੱਸਾ ਬਣ ਰਿਹਾ ਹੈ।

ਪੰਜਾਬ ਦੇ 6 ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆ, ਗੁਰਮੀਤ ਸਿੰਘ ਖੁੱਡੀਆ ਤੇ ਬਰਿੰਦਰ ਕੁਮਾਰ ਗੋਇਲ, 19 ਵਿਧਾਇਕਾਂ, ਚੇਅਰਮੈਨ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਸਬੰਧੀ ਮੀਟਿੰਗਾਂ ਕਰਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦਾ ਅਹਿਦ ਲੈੰਦਿਆਂ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।

ਮਾਨਸਾ ਵਿਖੇ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ੇ ਦੇ ਕਾਰੋਬਾਰ ਦੇ ਫੈਲਾਅ ਦਾ ਠੀਕਰਾ ਪਿਛਲੀਆਂ ਸਰਕਾਰਾਂ ਸਿਰ ਭੰਨਿਆ ਜੋ ਧਰਮ ਅਤੇ ਪਰਿਵਾਰਵਾਦ ਦੀ ਰਾਜਨੀਤੀ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹੋਂਦ ਵਿਚ ਆਈ ਹੈ ਤਾਂ ਨਸ਼ਿਆਂ ਨੂੰ ਠੱਲ੍ਹ ਪਈ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਅਲਾਮਤ ਨੂੰ ਜੜ੍ਹੋਂ ਮੁਕੰਮਲ ਖਤਮ ਕਰਨ ਲਈ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ ਅਤੇ ਲੋਕਾਂ ਦੇ ਸਾਥ ਦੇ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਨਸ਼ੇ ਦਾ ਵਪਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜਗਦੀਪ ਕੰਬੋਜ਼ ਗੋਲਡੀ, ਡਾ. ਵਿਜੈ ਸਿੰਗਲਾ, ਪ੍ਰਿੰਸੀਪਲ ਬੁੱਧ ਰਾਮ ਤੇ ਗੁਰਪ੍ਰੀਤ ਸਿੰਘ ਬਣਾਂਵਾਲੀ (ਸਾਰੇ ਵਿਧਾਇਕ) ਵੀ ਹਾਜ਼ਰ ਸਨ।

ਤਰਨ ਤਾਰਨ ਵਿਖੇ ਕਰਵਾਈ ਪਿੰਡਾਂ ਦੇ ਪਹਿਰੇਦਾਰ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਅਮਨਸ਼ੇਰ ਸਿੰਘ ਕਲਸੀ, ਸਰਵਨ ਸਿੰਘ ਧੁੰਨ ਤੇ ਡਾ. ਕਸ਼ਮੀਰ ਸਿੰਘ ਸੋਹਲ (ਸਾਰੇ ਵਿਧਾਇਕ) ਨੇ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਫੌਰੀ ਕਰਵਾਈ ਕਰਨ ਲਈ ਪੁਲਿਸ ਨੂੰ ਖੁੱਲ੍ਹੀ ਛੋਟ ਦਿੱਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ।

ਫਤਹਿਗੜ੍ਹ ਸਾਹਿਬ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਧਾਇਕਾਂ ਲਖਬੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ ਤੇ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਕਿਸੇ ਵੀ ਹਾਲਤ ਵਿੱਚ ਰਹਿਣ ਨਹੀਂ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਪਾਣੀਆਂ ਦੀ ਲੁੱਟ ਬਿਲਕੁਲ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁਕਾਈ ਤੇ ਡੱਟ ਕੇ ਕੰਮ ਕਰਨ ਲਈ ਪ੍ਰੇਰਿਆ।

ਲੁਧਿਆਣਾ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ, ਅਸ਼ੋਕ ਪਰਾਸ਼ਰ ਪੱਪੀ, ਰਜਿੰਦਰ ਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਹਾਕਮ ਸਿੰਘ ਠੇਕੇਦਾਰ ਤੇ ਸਰਬਜੀਤ ਕੌਰ ਮਾਣੂੰਕੇ (ਸਾਰੇ ਵਿਧਾਇਕ) ਨੇ ਸ਼ਮੂਲੀਅਤ ਕਰਦਿਆਂ ਨਸ਼ਾ ਤਸਕਰਾ ਨੂੰ ਸਖਤ ਚਿਤਾਵਨੀ ਦਿੱਤੀ ਕਿ ਉਨ੍ਹਾਂ ਨੂੰ ਪੰਜਾਬ ਜਾਂ ਨਸ਼ਿਆਂ ਵਿੱਚੋਂ ਇਕ ਨੂੰ ਛੱਡਣਾ ਪੈਣਾ। ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਜਾਰੀ ਰਹੇਗੀ।

ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਗੁਰਮੀਤ ਸਿੰਘ ਖੁੱਡੀਆ ਅਤੇ ਚੀਫ ਵਿੱਪ ਪ੍ਰੋ. ਬਲਜਿੰਦਰ ਕੌਰ, ਜਗਦੀਪ ਸਿੰਘ ਕਾਕਾ ਬਰਾੜ ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਲੋਕਾਂ ਨੂੰ ਨਸ਼ਿਆਂ ਦਾ ਕੋਹੜ ਵੱਢਣ ਲਈ ਸਰਕਾਰ ਦੀ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਨਾਲ ਹੀ ਨੌਜਵਾਨੀ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸਰਕਾਰ ਨਸ਼ਿਆਂ ਖਿਲਾਫ ਕਾਰਵਾਈ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕਰੇਗੀ।

Leave a Reply

Your email address will not be published. Required fields are marked *