ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ: ਡਿਪਟੀ ਕਮਿਸ਼ਨਰ 

Politics Punjab

ਰੂਪਨਗਰ, 19 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਅਤੇ ਜ਼ਿਲ੍ਹਾ ਰੂਪਨਗਰ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਚ ਨਾਰਕੋ ਕੋਰਡੀਨੈਸ਼ਨ ਸੈਂਟਰ (ਨਕਾਰਡ) ਦੀ ਮੀਟਿੰਗ ਕੀਤੀ ਗਈ। 

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ੇ ਦਾ ਖ਼ਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ ਵੀ ਨਸ਼ੇ ‘ਤੇ ਠੱਲ ਪਾਉਣ ਲਈ ਤੇ ਆਮ ਲੋਕਾਂ ਦੀ ਮੱਦਦ ਨਾਲ ਨਸ਼ਾ ਤਸਕਰਾਂ ਖਿਲਾਫ ਵਿਆਪਕ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪੇ੍ਰਿਤ ਕੀਤਾ ਜਾ ਰਿਹਾ ਹੈ, ਇਸ ਲਈ ਨਸ਼ਾ ਮੁਹਿੰਮ ਤਹਿਤ ਹਰ ਅਧਿਕਾਰੀ ਤੈਅ ਕੀਤੀ ਗਈ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਰੂਪਨਗਰ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਵਿੱਚ ਮਰੀਜ਼ਾ ਦੀ ਗਿਣਤੀ ਵਿੱਚ ਵਾਧਾ ਹੋਣਾ ਚਾਹੀਦਾ ਹੈ, ਇਨ੍ਹਾਂ ਵਿੱਚ ਲੋੜੀਂਦੇ ਉਪਕਰਨ, ਦਵਾਈਆਂ, ਟੈਸਟਿੰਗ ਕਿੱਟਾਂ ਅਤੇ ਲੋੜੀਂਦਾ ਸਟਾਫ ਹਰ ਸਮੇਂ ਉਪਲਬਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਤੋਂ ਪੀੜ੍ਹਤ ਮਰੀਜ਼ਾਂ ਵਿਚ ਆਤਮ ਵਿਸ਼ਵਾਸ਼ ਪੈਦਾ ਕਰਨ ਲਈ ਮੈਡੀਕਲ ਅਤੇ ਤਕਨੀਕੀ ਢੰਗ ਨਾਲ ਕੌਸਲਿੰਗ ਦੇ ਸੈਸ਼ਨ ਜ਼ਰੂਰ ਦਿੱਤੇ ਜਾਣ। 

ਸ਼੍ਰੀ ਹਿਮਾਂਸ਼ੂ ਜੈਨ ਕਿਹਾ ਕਿ ਜ਼ਿਲ੍ਹੇ ਵਿੱਚ ਪਿੰਡ ਪੱਧਰ ਤੇ ਰੱਖਿਆ ਕਮੇਟੀਆਂ ਬਣਾਉਣੀਆ ਯਕੀਨੀ ਕੀਤੀਆਂ ਜਾਣ, ਜੋ ਕਿ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਨੂੰ ਵੇਚਣ ਵਾਲਿਆਂ ਦੀ ਜਾਣਕਾਰੀ ਵੀ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਰੱਖਿਆ ਕਮੇਟੀਆਂ ਦੇ ਕੰਮ ਕਰਨ ਦੀ ਰੂਪ ਰੇਖਾ ਵੀ ਤਿਆਰ ਕੀਤੀ ਜਾਵੇ, ਉਨ੍ਹਾਂ ਲਈ ਇੱਕ ਹੈਲਪਲਾਈਨ ਨੰਬਰ ਜਰੂਰ ਜਾਰੀ ਕੀਤਾ ਜਾਵੇ ਅਤੇ ਜੋ ਵੀ ਉਹ ਸਮੱਸਿਆ ਜਾ ਸ਼ਿਕਾਇਤ ਦੱਸਦੇ ਹਨ ਉਸ ਤੇ ਉਸ ਵੇਲੇ ਹੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।

ਐੱਸਪੀ ਹੈੱਡਕੁਆਰਟਰ ਸ਼੍ਰੀ ਅਰਵਿੰਦ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ 1 ਫਰਵਰੀ ਤੋਂ ਅੱਜ ਦੀ ਤਰੀਕ ਤੱਕ 45 ਮੁਕੱਦਮੇ, 65 ਦੋਸ਼ੀ ਗ੍ਰਿਫ਼ਤਾਰ, 255 ਗ੍ਰਾਮ ਹੈਰੋਇਨ, 17 ਕਿਲੋ 242 ਗ੍ਰਾਮ ਭੁੱਕੀ, 1 ਕਿਲੋ 494 ਗ੍ਰਾਮ ਨਸ਼ੀਲਾ ਪਾਊਡਰ, 81 ਟੀਕੇ, 4484 ਗੋਲੀਆਂ/ਕੈਪਸੂਲ ਅਤੇ 30 ਹਜ਼ਾਰ 200 ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਹੈ।

ਇਸ ਮੌਕੇ ਆਰਟੀਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫਸਰ ਜਸਜੀਤ ਸਿੰਘ, ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐਸ.ਡੀ.ਐਮ ਸ਼੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ ਨੰਗਲ ਅਨਮਜੋਤ ਕੌਰ, ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ, ਮਾਨਸਿਕ ਰੋਗਾਂ ਦੇ ਮਾਹਿਰ ਡਾ. ਕੰਵਰਬੀਰ ਸਿੰਘ, ਜ਼ਿਲ੍ਹਾ ਡਰੱਗ ਕੰਟਰੋਲ ਅਫਸਰ ਹਰਪ੍ਰੀਤ ਕੌਰ ਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *