ਮਾਨਸਾ, 23 ਅਪ੍ਰੈਲ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ), ਫਫੜੇ ਭਾਈ ਕੇ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਸਵੀਪ ਨੋਡਲ ਅਫ਼ਸਰ ਵਿਧਾਨ ਸਭਾ ਹਲਕਾ ਮਾਨਸਾ, ਜਗਜੀਵਨ ਸਿੰਘ ਆਲੀਕੇ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਵੋਟਿੰਗ ਕਰਨ ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਭਾਰਤ ਇਕ ਲੋਕਤਾਂਤਰਿਕ ਦੇਸ਼ ਹੈ। ਇੱਥੋਂ ਦੇ ਨਾਗਰਿਕਾਂ ਨੂੰ ਵੋਟ ਦੀ ਵਰਤੋਂ ਨਾਲ ਆਪਣੀ ਸਰਕਾਰ ਆਪ ਚੁਣਨ ਦਾ ਅਧਿਕਾਰ ਪ੍ਰਾਪਤ ਹੈ। ਇਸ ਲਈ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨਾਗਰਿਕ ਨੂੰ ਮਤਦਾਨ ਲਾਜ਼ਮੀ ਕਰਨਾ ਚਾਹੀਦਾ ਹੈ। ਹਰ ਵੋਟਰ ਨੂੰ ਬਿਨ੍ਹਾਂ ਕਿਸੇ ਭੇਦ ਭਾਵ, ਜ਼ਾਤ, ਧਰਮ ਤੋਂ ਉੱਪਰ ਉੱਠ ਕੇ ਨਿਰਪੱਖਤਾ ਨਾਲ ਵੋਟ ਦਾ ਭੁਗਤਾਨ ਕਰਨਾ ਚਾਹੀਦਾ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਵੋਟਿੰਗ ਪ੍ਰਕਿਰਿਆ ਅਤੇ ਲੋਕ ਸਭਾ ਚੋਣਾਂ ਦੀ ਸਮਾਂ ਸਾਰਣੀ ਬਾਰੇ ਜਾਣਕਾਰੀ ਦਿੱਤੀ ਅਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰ ਨਾਗਰਿਕ ਨੂੰ ਆਪਣੀ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਕੁਲਦੀਪ ਸਿੰਘ, ਬੀ.ਐਲ.ਓ. ਰਾਜਦੀਪ ਮੌਦਗਿੱਲ ਅਤੇ ਸਕੂਲ ਸਟਾਫ ਹਾਜ਼ਰ ਸੀ।
ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਫੜੇ ਭਾਈ ਕੇ ਵਿਖੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ


