ਬਰਨਾਲਾ, 7 ਮਾਰਚ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਸ਼੍ਰੀ ਦਲਜੀਤ ਸਿੰਘ ਮਾਂਗਟ ਨੇ ਕੱਲ੍ਹ ਸ਼ਾਮ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਬਰਨਾਲਾ ਦਾ ਅਚਨਚੇਤ ਦੌਰਾ ਕਰਕੇ ਉਥੇ ਜੇਰੇ ਇਲਾਜ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੁਵਿਧਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਹਰੇਕ ਨਾਗਰਿਕ ਨੂੰ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਹੈ।
ਡਵੀਜ਼ਨਲ ਕਮਿਸ਼ਨਰ ਨੇ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਇਥੋਂ ਇਲਾਜ ਕਰਵਾਉਣ ਮਗਰੋਂ ਭਵਿੱਖ ਵਿੱਚ ਕਦੇ ਵੀ ਨਸ਼ਿਆਂ ਦੀ ਦਲਦਲ ਵਿੱਚ ਨਾ ਫਸਣ ਲਈ ਪ੍ਰੇਰਿਆ।
ਡਵੀਜ਼ਨਲ ਕਮਿਸ਼ਨਰ ਨੇ ਮਰੀਜਾਂ ਨੂੰ ਕਿਹਾ ਕਿ ਜੀਵਨ ਪ੍ਰਤੀ ਸਾਕਾਰਾਤਮਕ ਸੋਚ ਅਪਣਾ ਕੇ ਕੋਈ ਵੀ ਇਨਸਾਨ ਨਸ਼ਿਆਂ ਜਿਹੀਆਂ ਮਾਰੂ ਆਦਤਾਂ ਤੋਂ ਮੁਕੰਮਲ ਤੌਰ ’ਤੇ ਛੁਟਕਾਰਾ ਪਾ ਸਕਦਾ ਹੈ। ਉਨਾਂ ਡਿਊਟੀ ’ਤੇ ਤਾਇਨਾਤ ਅਮਲੇ ਤੋਂ ਇਨਾਂ ਮਰੀਜ਼ਾਂ ਦੀਆਂ ਰੋਜ਼ਾਨਾ ਦੀਆਂ ਕਿਰਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਡਾਕਟਰੀ ਸਟਾਫ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਦੁਆਰਾ ਇਥੋਂ ਤੰਦਰੁਸਤ ਹੋ ਕੇ ਜਾਣ ਤੋਂ ਬਾਅਦ ਵੀ ਲਗਾਤਾਰ ਉਨਾਂ ਦੇ ਮਾਪਿਆਂ ਨਾਲ ਸੰਪਰਕ ਰੱਖਿਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਟੀ ਬੈਨਿਥ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਯੁੱਧ ਨਸ਼ਿਆਂ ਵਿਰੁੱਧ: ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ


