‘ਯੁੱਧ ਨਸ਼ਿਆਂ ਵਿਰੁੱਧ’ ਨੇ ਪੰਜਾਬ ਵਿੱਚ ਡਰੱਗ ਸਿੰਡੀਕੇਟਸ ਨੂੰ ਦਿੱਤਾ ਕਰਾਰਾ ਵਿੱਤੀ ਝਟਕਾ

Politics Punjab

ਚੰਡੀਗੜ੍ਹ, 9 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਸਿੰਡੀਕੇਟਾਂ ਨੂੰ ਕਰਾਰਾ ਵਿੱਤੀ ਝਟਕਾ ਦਿੱਤਾ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ ਇਸ ਮੁਹਿੰਮ ਦੇ ਪਹਿਲੇ 100 ਦਿਨਾਂ ਦੌਰਾਨ 157 ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਹੈ ਅਤੇ 13.03 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

1 ਮਾਰਚ, 2025 ਨੂੰ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਉਪਰੰਤ, ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪਰੇਸ਼ਨ ਚਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 48 ਵੱਡੇ ਹਵਾਲਾ ਸੰਚਾਲਕਾਂ ਦੀ ਗ੍ਰਿਫ਼ਤਾਰੀ ਨਾਲ ਹਵਾਲਾ ਨੈੱਟਵਰਕ ਨੂੰ ਕਰਾਰਾ ਝਟਕਾ ਦਿੱਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ 13.03 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਹਾਸਲ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕਰਨ ਅਤੇ ਡਰੱਗ ਮਨੀ ਜ਼ਬਤ ਕਰਨ ਨਾਲ ਨਸ਼ਾ ਤਸਕਰਾਂ ਦੇ ਆਰਥਿਕ ਢਾਂਚੇ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਨਾਲ ਉਨ੍ਹਾਂ ਦੇ ਫੰਡਿੰਗ ਚੈਨਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਹੋਏ ਹਨ ਅਤੇ ਉਨ੍ਹਾਂ ਦੀ ਕਾਰਜਸ਼ੀਲਤਾ ਘੱਟ ਗਈ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 100 ਦਿਨਾਂ ਦੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 9693 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 16,533 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 627 ਕਿਲੋਗ੍ਰਾਮ ਹੈਰੋਇਨ, 252 ਕਿਲੋਗ੍ਰਾਮ ਅਫੀਮ, 15 ਟਨ ਭੁੱਕੀ, 9 ਕਿਲੋਗ੍ਰਾਮ ਚਰਸ, 264 ਕਿਲੋਗ੍ਰਾਮ ਗਾਂਜਾ, 2.7 ਕਿਲੋਗ੍ਰਾਮ ਆਈਸੀਈ, 2.6 ਕਿਲੋਗ੍ਰਾਮ ਕੋਕੀਨ ਅਤੇ 26.51 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ।

ਮੁਹਿੰਮ ਦੇ 100ਵੇਂ ਦਿਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਜ 127 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 20 ਕਿਲੋ ਭੁੱਕੀ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 466 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 99 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 489 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਇਸ ਦੌਰਾਨ, ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਐਡਿਕਸ਼ਨ’ ਹਿੱਸੇ ਵਜੋਂ 46 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਸਬੰਧੀ ਇਲਾਜ ਲਈ ਪ੍ਰੇਰਿਤ ਕੀਤਾ ਹੈ।

Leave a Reply

Your email address will not be published. Required fields are marked *