ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਲੁਧਿਆਣਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਜਗਰਾਉਂ ਪੁੱਲ ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਾਨੂੰ ਸਭਨਾਂ ਨੂੰ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਤੋਂ ਸੇਧ ਲੈਣੀ ਚਾਹੀਦੀ ਹੈ, ਜਿਨ੍ਹਾਂ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਲਈ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰ ਦਿੱਤੀਆਂ।
ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜੀ ਨੂੰ ਉਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ ਅਤੇ ਦ੍ਰਿੜਤਾ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਸਾਨੂੰ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲ ਕੇ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਾਡਾ ਸੂਬਾ, ਸਾਡਾ ਦੇਸ਼ ਹੋਰ ਤਰੱਕੀ ਕਰ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਇਹਨਾਂ ਸ਼ਹੀਦਾਂ ਨੇ ਆਉਣ ਵਾਲੀਆਂ ਪੀੜੀਆਂ ਦੀ ਬਿਹਤਰੀ ਅਤੇ ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੁਰਬਾਨੀਆਂ ਦਿੱਤੀਆਂ ਅਤੇ ਸਾਨੂੰ ਆਪਣੇ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦਾਂ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੌਜਵਾਨ ਪੀੜੀ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਸ਼ਿਆਂ ਦੇ ਖਿਲਾਫ ਯੁੱਧ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿਓ ਤਾਂ ਜੋ ਸਮਾਜ ਵਿੱਚ ਫੈਲੀਆਂ ਨਸ਼ੇ ਵਰਗੀਆਂ ਬੁਰਾਈਆਂ ਨੂੰ ਖਤਮ ਕੀਤਾ ਜਾ ਸਕੇ।
ਇਸ ਮੌਕੇ ਵੱਡੀ ਗਿਣਤੀ ਵਿੱਚ ‘ਆਪ’ ਆਗੂ ਤੇ ਵਰਕਰ ਵੀ ਮੌਜੂਦ ਸਨ।