‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ-ਮੁੱਖ ਮੰਤਰੀ

Politics Punjab

ਡੇਰਾਬਸੀ (ਮੋਹਾਲੀ), 6 ਮਾਰਚ:
‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਪੰਜਾਬੀ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹੇ।
      ਅੱਜ ਇੱਥੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਭਾਲ ਕਿਸੇ ਵੀ ਖੁਸ਼ਹਾਲ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਬਿਹਤਰ ਮੈਡੀਕਲ ਸਿੱਖਿਆ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਅਸੀਂ ਨਾ ਸਿਰਫ਼ ਹੁਨਰਮੰਦ ਡਾਕਟਰ ਪੈਦਾ ਕਰੀਏ, ਸਗੋਂ ਇੱਕ ਮਜ਼ਬੂਤ ਸਿਹਤ ਸੰਭਾਲ ਵਾਤਾਵਰਣ ਪ੍ਰਣਾਲੀ ਵੀ ਸਿਰਜੀਏ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕੀਏ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਤਾਂ ਕਿ ਸਾਡੇ ਬੱਚੇ ਇੱਥੇ ਹੀ ਡਾਕਟਰੀ ਸਿੱਖਿਆ ਹਾਸਲ ਕਰਕੇ ਲੋਕਾਂ ਦੀ ਸੇਵਾ ਕਰ ਸਕਣ।
     ਸਿਹਤ ਖੇਤਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਦੇ ਵਿੱਚ ਕ੍ਰਾਂਤੀ ਲਿਆਂਦੀ ਹੈ।  
    ਡੇਰਾਬਸੀ ਵਿਖੇ ਬਣਨ ਵਾਲੇ ਇਸ ਮੈਡੀਕਲ ਕਾਲਜ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਵਿੱਚ ਇਹ ਦੂਜਾ ਮੈਡੀਕਲ ਕਾਲਜ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਮੋਹਾਲੀ ਵਿਖੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇਸੰਜ਼ ਸਥਾਪਤ ਕੀਤਾ ਗਿਆ ਹੈ। ਮੈਡੀਕਲ ਕਾਲਜ ਦੀ ਮਹੱਤਤਾ ਦਾ ਜ਼ਿਕਰ ਕਰਿਦਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਂਹ ਪੱਥਰ ਰੱਖਣ ਨਾਲ ਅਸੀਂ ਸਿਰਫ਼ ਇਹ ਇਮਾਰਤ ਨਹੀਂ ਬਣਾ ਰਹੇ ਸਗੋਂ ਅਸੀਂ ‘ਸਿਹਤਮੰਦ ਪੰਜਾਬ’ ਲਈ ਇਕ ਹੋਰ ਮੀਲ ਪੱਥਰ ਕਾਇਮ ਕਰ ਰਹੇ ਹਾਂ। ਇਸ ਮੈਡੀਕਲ ਸੰਸਥਾ ਦੇ ਬਣਨ ਨਾਲ ਜਿੱਥੇ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਹਾਸਲ ਹੋਣਗੀਆਂ, ਉਥੇ ਹੀ ਐਮ.ਬੀ.ਬੀ.ਐਸ. ਦੀਆਂ ਸੀਟਾਂ ਵਧਣ ਨਾਲ ਸਾਡੇ ਬੱਚੇ ਮੈਡੀਕਲ ਦੀ ਸਿੱਖਿਆ ਹਾਸਲ ਕਰ ਸਕਣਗੇ।
     ਇਸ ਮੌਕੇ ਸ੍ਰੀ ਸੁਖਮਨੀ ਇੰਸਟੀਚਿਊਟ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਲਮਹੇ-2025 ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਅਹਿਮ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ, “ਯੁਵਕ ਮੇਲਿਆਂ ਨੇ ਮੈਨੂੰ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਬੁਲੰਦੀ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਨੌਜਵਾਨਾਂ ਨੂੰ ਵੀ ਆਪਣੀ ਸ਼ਖਸੀਅਤ ਵਿਕਾਸ ਲਈ ਇਨ੍ਹਾਂ ਮੰਚਾਂ ਦੀ ਢੁਕਵੀਂ ਵਰਤੋਂ ਕਰਨੀ ਚਾਹੀਦੀ ਹੈ।”
     ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਤਣਾ ਹੀ ਮੇਰਾ ਇਕੋ-ਇਕ ਜਨੂੰਨ ਹੈ ਅਤੇ ਜਿੱਤ ਲਈ ਮੈਂ ਹਮੇਸ਼ਾ ਸਕਾਰਾਤਮਕ ਸੋਚ ਰੱਖੀ ਹੈ। ਨਾਂਹ-ਪੱਖੀ ਸੋਚ ਵਾਲੇ ਲੋਕਾਂ ਦੀ ਸੰਗਤ ਤੋਂ ਬਚਣਾ ਚਾਹੀਦਾ ਹੈ। ਨੌਜਵਾਨਾਂ ਨੂੰ ਵੀ ਦ੍ਰਿੜਤਾ ਨਾਲ ਕੰਮ ਕਰਨ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹੈ।”
     ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ‘ਤੇ ਰਨਵੇਅ ਹਵਾਈ ਜਹਾਜ਼ ਨੂੰ ਸਹੀ ਢੰਗ ਨਾਲ ਉਡਾਣ ਭਰਨ ਲਈ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ।
      ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ ‘ਤੇ ਰਸ਼ਕ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਪਹੁੰਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਦੀ ਸਕ੍ਰਿਪਟ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *