ਬਠਿੰਡਾ, 29 ਜਨਵਰੀ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਬੈਠਕ ਦੌਰਾਨ ਦਿੱਤੇ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ “ਮੇਰਾ ਘਰ ਮੇਰੇ ਨਾਮ”, ਸਿਹਤ ਤੇ ਸਿੱਖਿਆ ਵਿਭਾਗ, ਨਾਬਾਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿੰਚਾਈ ਵਿਭਾਗ, ਮਗਨਰੇਗਾ, ਪੇਂਡੂ ਵਿਕਾਸ, ਪੀਐਮ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਨਗਰ ਨਿਗਮ, ਨਗਰ ਕੌਂਸਲਾਂ, ਨਗਰ ਤੇ ਗ੍ਰਾਂਮ ਪੰਚਾਇਤਾਂ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਕੋਲੋਂ ਬਾਰੀਕੀ ਨਾਲ ਜਾਣਿਆ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, ਆਂਗਣਵਾੜੀ ਸੈਂਟਰਾਂ ਦੀਆਂ ਬਣ ਰਹੀਆਂ ਇਮਾਰਤਾਂ, ਸੋਲਡ ਵੇਸਟ ਨਾਲ ਸਬੰਧਤ ਆਦਿ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਗਨਰੇਗਾ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ।
ਇਸ ਦੌਰਾਨ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਸ਼੍ਰੀ ਵਰਿੰਦਰ ਸਿੰਘ ਤੋਂ ਇਲਾਵਾ ਸਮੂਹ ਬੀਡੀਪੀਓਜ਼ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।