ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ‘ਸਰਬੱਤ.ਏਆਈ’ ਪ੍ਰੋਜੈਕਟ ਤਹਿਤ ਪੜਾਅਵਾਰ ਤਰੀਕੇ ਨਾਲ ਇਸ ਪਾਠਕ੍ਰਮ ਨੂੰ ਲਾਗੂ ਕਰੇਗਾ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਡੇ ਸੂਬਾ-ਪੱਧਰੀ ਏ.ਆਈ. ਸਿੱਖਿਆ ਮਿਸ਼ਨਾਂ ਵਿੱਚੋਂ ਇੱਕ ਹੈ ਅਤੇ ਪੰਜਾਬ ਨੂੰ ਭਵਿੱਖੀ ਸਿੱਖਿਆ ਵਿੱਚ ਦੇਸ਼ ਦੇ ਮੋਹਰੀ ਸੂਬੇ ਵਜੋਂ ਸਥਾਪਿਤ ਕਰਦਾ ਹੈ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਾਲ ਮਿਲ ਕੇ ਸਿੱਖਿਆ ਮਾਹਿਰਾਂ, ਤਕਨਾਲੋਜੀ ਭਾਈਵਾਲਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।

ਐਕਸ ‘ਤੇ ਗੱਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ: “ਅੱਜ ਤੋਂ, ਪੰਜਾਬ ਭਰ ਦੇ ਹਰ ਪੀਐਸਈਬੀ ਸਕੂਲ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਇੱਕ ਮੁੱਖ ਵਿਸ਼ਾ ਹੈ। ਹਰੇਕ ਬੱਚਾ, ਭਾਵੇਂ ਉਹ ਸ਼ਹਿਰ ਦਾ ਹੋਵੇ ਜਾਂ ਪਿੰਡ ਦਾ, ਉਹੀ ਹੁਨਰ ਸਿੱਖੇਗਾ ਜੋ ਵਿਸ਼ਵ ਦੇ ਮੋਹਰੀ ਦੇਸ਼ ਆਪਣੇ ਹੁਨਰਾਂ ਨੂੰ ਸਿਖਾਉਣ ਲਈ ਦੌੜ ਰਹੇ ਹਨ। ਇੱਕ ਵਾਰ ਫਿਰ ਪੰਜਾਬ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਏਆਈ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ। ਇਹ ਉਹੀ ਪੰਜਾਬ ਹੈ ਜਿਸਦੀ ਕਲਪਨਾ ਅਰਵਿੰਦ ਕੇਜਰੀਵਾਲ ਨੇ ਕੀਤੀ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੋਜ਼ਾਨਾ ਪੱਧਰ ‘ਤੇ ਇਸਨੂੰ ਜ਼ਮੀਨੀ ਹਕੀਕਤ ਵਿੱਚ ਤਬਦੀਲ ਕਰ ਰਹੇ ਹਨ।”

ਇਕੱਠ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਅੱਜ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਗਿਆ ਹੈ। ਅਸੀਂ ਹਰੀ ਕ੍ਰਾਂਤੀ ਦੀ ਅਗਵਾਈ ਕਰਨ ਤੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਕ੍ਰਾਂਤੀ ਦੀ ਅਗਵਾਈ ਕਰਨ ਵੱਲ ਵਧ ਰਹੇ ਹਾਂ।”

ਉਨ੍ਹਾਂ ਅੱਗੇ ਕਿਹਾ,” ਇਹ ਵਿਦਿਆਰਥੀਆਂ ਨੂੰ ਭਵਿੱਖੀ ਹੁਨਰਾਂ ਨਾਲ ਲੈਸ ਕਰੇਗਾ ਅਤੇ ਨਾਲ ਹੀ ਨਵੀਨਤਾ, ਐਥੀਕਲ ਏ.ਆਈ., ਉੱਦਮਤਾ ਅਤੇ ਜ਼ਿੰਮੇਵਾਰ ਡਿਜੀਟਲ ਨਾਗਰਿਕਤਾ ਨੂੰ ਉਤਸ਼ਾਹਿਤ ਕਰੇਗਾ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦਾ ਹਰ ਬੱਚਾ ਨਾ ਸਿਰਫ਼ ਕੱਲ੍ਹ ਦੀਆਂ ਨੌਕਰੀਆਂ ਲਈ ਤਿਆਰ ਹੋਵੇ, ਸਗੋਂ ਤਕਨਾਲੋਜੀ-ਅਧਾਰਤ ਵਿਸ਼ਵ ਵਿੱਚ ਸਿਰਜਣਹਾਰ ਅਤੇ ਨਵੀਨਤਾਕਾਰੀ ਵੀ ਬਣੇ।”

ਸਿੱਖਿਆ ਮੰਤਰੀ ਨੇ ਕਿਹਾ, “ਸਿੱਖਿਆ ਪਾਠਕ੍ਰਮ ਸਿੰਗਾਪੁਰ, ਫਿਨਲੈਂਡ, ਯੂਏਈ ਅਤੇ ਸੰਯੁਕਤ ਰਾਜ ਅਮਰੀਕਾ ਤੋਂ ਕੌਮਾਂਤਰੀ ਬਹਿਤਰੀਨ ਅਭਿਆਸਾਂ ਦਾ ਅਧਿਐਨ ਉਪਰੰਤ ਵਿਕਸਤ ਕੀਤਾ ਗਿਆ ਹੈ। ਇਸਨੂੰ ਯੂਨੈਸਕੋ (ਸੰਯੁਕਤ ਰਾਸ਼ਟਰ ਵਿਦਿਅਕ ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ) ਦੇ ਐਥੀਕਲ ਏ.ਆਈ. ਫਰੇਮਵਰਕ ਨਾਲ ਜੋੜਿਆ ਗਿਆ ਹੈ ਤਾਂ ਜੋ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮਿਆਰਾਂ ਦੀ ਤਰਜ਼ ‘ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਜ਼ਿੰਮੇਵਾਰ, ਸੁਰੱਖਿਅਤ ਅਤੇ ਨੈਤਿਕ ਵਰਤੋਂ ਸਿੱਖਣਾ ਯਕੀਨੀ ਬਣਾਇਆ ਜਾ ਸਕੇ।”

ਇਸ ਪ੍ਰੋਗਰਾਮ ਦੇ ਲਾਗੂਕਰਨ ਬਾਰੇ ਸ. ਬੈਂਸ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਕੀਤਾ ਜਾਵੇਗਾ, ਜਿਸ ਵਿੱਚ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਨਾਲ ਏ.ਆਈ. ਨੂੰ ਜੋੜਿਆ ਜਾਵੇਗਾ। ਵਿਦਿਆਰਥੀਆਂ ਨੂੰ ਲਾਈਵ ਆਨਲਾਈਨ ਕਲਾਸਾਂ, ਰਿਕਾਰਡ ਕੀਤੇ ਲੈਕਚਰਾਂ, ਪ੍ਰੋਜੈਕਟ-ਆਧਾਰਿਤ ਸਿਖਲਾਈ, ਨਿਰੰਤਰ ਮੁਲਾਂਕਣ ਅਤੇ ਇੱਕ ਸਮਰਪਿਤ ਲਰਨਿੰਗ ਮੈਨੇਜਮੈਂਟ ਸਿਸਟਮ (ਐਲਐਮਐਸ) ਰਾਹੀਂ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਬਾਅਦ ਦੂਜੇ ਪੜਾਅ ਵਿੱਚ ਪਹਿਲੀ ਤੋਂ ਸੱਤਵੀਂ ਜਮਾਤ ਤੱਕ ਏ.ਆਈ. ਸਿੱਖਿਆ ਨੂੰ ਸ਼ਾਮਲ ਕੀਤਾ ਜਾਵੇਗਾ।