ਭੀਖੀ/ਮਾਨਸਾ,05 ਜਨਵਰੀ:
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਅਤੇ ਚੇਅਰਮੈਨ ਮਾਰਕਿਟ ਕਮੇਟੀ ਸ੍ਰ ਗੁਰਪ੍ਰੀਤ ਸਿੰਘ ਭੁੱਚਰ ਨੇ ਭੀਖੀ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਦੱਸਿਆ ਕਿ ਭੀਖੀ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ ਗਿਆ ਇਹ ਜਥਾ ਮਾਤਾ ਨੈਣਾ ਦੇਵੀ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਜੁਆਲਾ ਜੀ ਅਤੇ ਮਾਤਾ ਚਿੰਤਪੁਰਨੀ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰੇਗਾ।
ਉਨ੍ਹਾਂ ਸ਼ਰਧਾਲੂਆਂ ਦੀ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਰਾਜ ਸਰਕਾਰ ਵੱਲੋਂ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਸਕੀਮ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ।
ਸ੍ਰ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ। ਮੁੱਖ ਮੰਤਰੀ ਤੀਰਥਾ ਯਾਤਰਾ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਵਿਚ ਤੀਰਥ ਅਸਥਾਨਾਂ ਦੀ ਯਾਤਰਾ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਬਲਾਕ ਪ੍ਰਧਾਨ ਭੀਖੀ ਸਿਕੰਦਰ ਸਿੰਘ ਤੋਂ ਇਲਾਵਾ ਹੋਰ ਵਰਕਰ ਹਾਜ਼ਰ ਸਨ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦਾ ਜੱਥਾ ਭੀਖੀ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ


