ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ

Punjab

ਹੁਸ਼ਿਆਰਪੁਰ, 22 ਜੂਨ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ।

ਅੱਜ ਇੱਥੇ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੇ ਲੋਕਾਂ ਨੂੰ ਸੁਚੱਜੀ ਜੀਵਨ ਜਾਚ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਕਬੀਰ ਦੇ ਜੀਵਨ ਅਤੇ ਫਲਸਫੇ ਨੇ ਹਮੇਸ਼ਾ ਹੀ ਲੋਕਾਂ ਨੂੰ ਆਪਸੀ ਮੇਲ-ਜੋਲ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਭਗਤ ਕਬੀਰ ਜੀ ਦੇ ਆਦਰਸ਼ਾਂ ‘ਤੇ ਚੱਲ ਕੇ ਏਕਤਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ।

ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ‘ਤੇ ਸਹੀ ਮਾਅਨਿਆਂ ‘ਚ ਅਮਲ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ ਜਿਨ੍ਹਾਂ ਰਾਹੀਂ ਪ੍ਰੇਮ, ਸ਼ਾਂਤੀ, ਸਦਭਾਵਨਾ ਦਾ ਸਦੀਵੀ ਸੰਦੇਸ਼ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਭਗਤ ਕਬੀਰ ਜੀ ਦਾ ਮੁਢਲਾ ਜੀਵਨ ਇੱਕ ਮੁਸਲਿਮ ਪਰਿਵਾਰ ਵਿੱਚ ਬੀਤਿਆ ਸੀ ਪਰ ਉਹ ਹਿੰਦੂ ਸੰਤ ਰਾਮਾਨੰਦ ਤੋਂ ਬਹੁਤ ਪ੍ਰਭਾਵਿਤ ਸਨ, ਜਿਸ ਦਾ ਭਗਤੀ ਲਹਿਰ ਦੌਰਾਨ ਉਨ੍ਹਾਂ ਦੀਆਂ ਲਿਖਤਾਂ ਉੱਤੇ ਡੂੰਘਾ ਪ੍ਰਭਾਵ ਪਿਆ।

ਲੋਕਾਂ ਨੂੰ ਮਹਾਨ ਸੰਤ ਦੇ ਆਦਰਸ਼ਾਂ ਉਤੇ ਚੱਲਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਸਤਾ ਸਦਭਾਵਨਾ ਵਾਲੇ ਅਤੇ ਅਗਾਂਹਵਧੂ ਸਮਾਜ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਇਹ ਉਨ੍ਹਾਂ ਦੀ ਇੱਛਾ ਹੋਵੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕੀਤਾ ਜਾ ਰਿਹਾ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਤੋਂ ਵਿਰਵਾ ਰੱਖਿਆ ਤਾਂ ਜੋ ਉਹ ਸਮਾਜ ਵਿੱਚ ਤਰੱਕੀ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਸਿਆਸਤਦਾਨ ਚਾਹੁੰਦੇ ਹਨ ਕਿ ਗਰੀਬ ਪਰਿਵਾਰਾਂ ਦਾ ਬੱਚਾ ਹਮੇਸ਼ਾ ਉਨ੍ਹਾਂ ਦੇ ਰਹਿਮੋ-ਕਰਮ ‘ਤੇ ਰਹੇ ਅਤੇ ਕਦੇ ਤਰੱਕੀ ਨਾ ਕਰੇ। ਇਸ ਦੇ ਉਲਟ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਗਰੀਬ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਆਪਣੇ ਪੈਰਾਂ ਉਤੇ ਖੜ੍ਹਾ ਕਰਨ ਲਈ ਦ੍ਰਿੜ੍ਹ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਾਡੀਆਂ ਕੋਸ਼ਿਸ਼ਾਂ ਦਾ ਨਤੀਜਾ ਸਭ ਦੇ ਸਾਹਮਣੇ ਆਉਣ ਲੱਗਾ ਹੈ ਕਿਉਂਕਿ ਇਸ ਵਾਰ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ ਜਿਸ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ‘ਤੇ ਸੇਵਾ ਨਿਭਾਉਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ।

ਵਿਰੋਧੀ ਧਿਰ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਹਿਤੈਸ਼ੀ ਅਤੇ ਵਿਕਾਸ ਪੱਖੀ ਰੁਖ਼ ਕਾਰਨ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡਦੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੀ ਆਲੋਚਨਾ ਬੇਤੁੱਕੀ ਹੈ।
 ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਿਰੋਧੀਆਂ ਦੀ ਇਹ ਚਾਲਾਂ ਉਨ੍ਹਾਂ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕ ਨਹੀਂ ਸਕਣਗੀਆਂ।
 
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਉਲਟਾ ਰੁਝਾਨ ਦੇਖਣ ਨੂੰ ਮਿਲਿਆ ਹੈ ਕਿਉਂਕਿ ਸਰਕਾਰ ਨੇ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਵਰ ਪਲਾਂਟ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਹੁਣ ਤੱਕ ਕੀਤੀ ਗਈ ਸਭ ਤੋਂ ਸਸਤੀ ਖਰੀਦ ਹੈ ਜੋ ਇਕ ਇਤਿਹਾਸਕ ਪਹਿਲਕਦਮੀ ਹੈ। ਇਸੇ ਤਰ੍ਹਾਂ 90 ਫੀਸਦੀ ਬਿਜਲੀ ਖਪਤਕਾਰਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ ਪਰ ਇਸ ਸਭ ਕੁਝ ਦੇ ਬਾਵਜੂਦ ਵਿਰੋਧੀ ਧਿਰ ਕਦੇ ਵੀ ਇਸ ਦੀ ਸ਼ਲਾਘਾ ਨਹੀਂ ਕਰਦੀ।

ਮੁੱਖ ਮੰਤਰੀ ਨੇ ਕਿਹਾ, “ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ। ਇਹ ਆਗੂ ਸੱਤਾ ਵਿੱਚ ਬਣੇ ਰਹਿਣ ਦਾ ਆਪਣਾ ਬੁਨਿਆਦੀ ਹੱਕ ਸਮਝਦੇ ਸਨ ਜਿਸ ਕਾਰਨ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦਾ ਸ਼ਾਸਨਕਾਲ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਇਨ੍ਹਾਂ ਸਿਆਸਤਦਾਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਇਛਾਵਾਂ ਪੂਰੀਆਂ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦਾ ਉਦੇਸ਼ ਇਨ੍ਹਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਦੇ ਸਿਲੇਬਸ ਵਿੱਚ ਲੋੜੀਂਦੀਆਂ ਸੋਧਾਂ ਕਰੇਗੀ ਤਾਂ ਕਿ ਨੌਜਵਾਨਾਂ ਵਿੱਚ ਸਾਕਾਰਾਤਮਕ ਊਰਜਾ ਭਰੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਖਾਕਾ ਤਿਆਰ ਕੀਤਾ ਗਿਆ ਅਤੇ ਆਉਂਦੇ ਦਿਨਾਂ ਨੂੰ ਇਸ ਨੂੰ ਲਾਗੂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਭਵਿੱਖੀ ਜੀਵਨ ਵਿੱਚ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਅਜਿਹਾ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਲੋਕ ਸਭਾ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਮੁੱਦਾ ਉਠਾਏ ਜਾਣ ਤੋਂ ਬਾਅਦ ਸਦਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਕਿਸੇ ਨੇ ਇਹ ਮਾਮਲਾ ਨਹੀਂ ਉਠਾਇਆ ਸੀ ਪਰ ਉਨ੍ਹਾਂ ਵੱਲੋਂ ਮਸਲਾ ਚੁੱਕਣ ਤੋਂ ਬਾਅਦ ਸੰਸਦ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਪਲ ਸਨ ਜਿਸ ਕਰਕੇ ਉਨ੍ਹਾਂ ਨੂੰ ਮਾਨਸਿਕ ਸੰਤੁਸ਼ਟੀ ਹੋਈ ਕਿਉਂਕਿ ਕੌਮੀ ਸੰਸਦ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਪਹਿਲੀ ਵਾਰ ਯਾਦ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਆਪਣੀਆਂ ਆਸਾਂ ਨੂੰ ਪੂਰਾ ਕਰ ਸਕਣ।  

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਅਤੇ ਡਾ. ਰਵਜੋਤ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ