ਧਨੌਲਾ (22 ਅਗਸਤ, 2026): ਸਿਵਲ ਸਰਜਨ ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਬਲਾਕ ਧਨੌਲਾ ਦੇ ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ, ਪਸ਼ੂ ਚਿਕਿਤਸਾ ਸੰਬੰਧੀ ਨਿੱਜੀ ਅਤੇ ਸਰਕਾਰੀ ਕਾਲਜਾਂ ਤੇ ਹਸਪਤਾਲਾਂ,ਦਵਾਈਆਂ ਦੀਆਂ ਦੁਕਾਨਾਂ,ਲੈਬ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਗਿਆ।
ਸੀ.ਐੱਚ.ਸੀ ਧਨੌਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਰਹਿਨੁਮਾਈ ਹੇਠ ਐੱਸ.ਐੱਮ.ਓ ਦਾ ਕਾਰਜਭਾਰ ਸੰਭਾਲ ਰਹੇ ਡਾ. ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ  ਡੇਂਗੂ ਅਤੇ ਚਿਕਨਗੁਣੀਆ ਏਡੀਜ਼ ਨਾਂ ਦੇ ਮਾਦਾ ਮੱਛਰ ਦੇ ਕੱਟਣ ਨਾਲ਼ ਹੁੰਦਾ ਹੈ ਜੋ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਆਪਣੇ ਪਰਿਵਾਰ ਦਾ ਵਾਧਾ ਕਰਦਾ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਪਾਣੀ ਖੜ੍ਹਾ ਨਾ ਹੋਣ ਦਈਏ ਤਾਂ ਅਜਿਹੇ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕਦਾ ਹੈ। ਡਾਕਟਰ ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ ਕੋਈ ਵੀ ਬੁਖ਼ਾਰ ਮਲੇਰੀਆ ਜਾਂ ਡੇਂਗੂ ਹੋ ਸਕਦਾ ਹੈ ਇਸ ਕਰਕੇ ਬੁਖਾਰ ਹੋਣ ਦੀ ਸੂਰਤ ਵਿੱਚ ਅਣਗਹਿਲੀ ਨਾ ਵਰਤੀ ਜਾਵੇ ਅਤੇ ਜਲਦੀ ਹੀ ਨੇੜਲੇ ਸਿਹਤ ਕੇਂਦਰ ਵਿੱਚ ਚੈੱਕ-ਅਪ ਅਤੇ ਖੂਨ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਸਹੀ ਇਲਾਜ ਹੋ ਸਕੇ। ਉਹਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਅਤੇ ਮਲੇਰੀਆ ਦੀ ਜਾਂਚ ਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
ਬਲਾਕ ਮੀਡੀਆ ਅਫ਼ਸਰ ਰਤਿਕਾ ਓਬਰਾਏ ਨੇ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ/ ਸੋਮਵਾਰ ਡੇਂਗੂ ‘ਤੇ ਵਾਰ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਅੱਜ ਐੱਸ.ਆਈ ਹਰਮਿੰਦਰ ਸਿੰਘ ਅਤੇ ਦਰਸ਼ਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਬਲਾਕ ਦੇ ਵੱਖ ਵੱਖ ਹਿੱਸਿਆਂ ਧਨੌਲਾ, ਝਲੂਰ, ਹੰਡਿਆਇਆ ਅਤੇ ਠੀਕਰੀਵਾਲ ਵਿਚ ਖੁੱਲ੍ਹੀਆਂ ਦਵਾਈਆਂ ਦੀਆਂ ਦੁਕਾਨਾਂ ਅਤੇ ਲੈਬ ਦਾ ਨਿਰੀਖਣ ਕੀਤਾ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ/ਸੋਮਵਾਰ ਡਰਾਈ ਡੇਅ ਮਨਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਕੁਲਦੀਪ ਸਿੰਘ ਵਿਰਕ, ਸੰਜੀਵ ਕੁਮਾਰ, ਪਰਮਜੀਤ ਸਿੰਘ ਭੁੱਲਰ, ਅਮਰਿੰਦਰ ਸਿੰਘ ਅਤੇ ਬ੍ਰੀਡ ਚੈੱਕਰ ਅੰਗਦ ਸਿੰਘ ਅਤੇ ਜਗਤਾਰ ਸਿੰਘ ਮੌਜੂਦ ਸਨ।