ਜ਼ਿਲ੍ਹੇ ਚ 4 ਹਜ਼ਾਰ ਸੁਪਰ ਸੀਡਰ ਆਧੁਨਿਕ ਮਸ਼ੀਨ ਉਪਲਬਧ : ਡਿਪਟੀ ਕਮਿਸ਼ਨਰ 

Bathinda Punjab

ਬਠਿੰਡਾ, 2 ਨਵੰਬਰ : ਜ਼ਿਲ੍ਹੇ ‘ਚ 4 ਹਜ਼ਾਰ ਦੇ ਕਰੀਬ ਸੁਪਰ ਸੀਡਰ ਆਧੁਨਿਕ ਮਸ਼ੀਨਰੀ ਕਿਸਾਨਾਂ ਲਈ ਉਪਲੱਬਧ ਹੈ ਤਾਂ ਜੋ ਉਹ ਪਰਾਲੀ ਨੂੰ ਬਿਨਾ ਸਾੜਨ ਤੋਂ ਹੀ ਕਣਕ ਦੀ ਬਿਜਾਈ ਕਰ ਸਕਣ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਕੋਟ ਸ਼ਮੀਰ ਚ ਪਿਛਲੇ ਸਾਲ ਲਗਭਗ 34 ਦੇ ਕਰੀਬ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਪਰ ਇਸ ਵਾਰ 4-5 ਕੇਸ ਸਾਹਮਣੇ ਆਏ ਹਨ।

ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸਾਨ ਸੁਪਰ ਸੀਡਰ ਮਸ਼ੀਨ ਨਾਲ ਹੀ ਕਣਕ ਦੀ ਬਿਜਾਈ ਨੂੰ ਤਰਜੀਹ ਦੇਣ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਮਸ਼ੀਨਰੀ ਉਪਲਬਧ ਨਹੀਂ ਹੁੰਦੀ ਤਾਂ ਉਹ ਜ਼ਿਲ੍ਹੇ ਭਰ ‘ਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ‘ਚ ਲਗਾਈਆਂ ਗਈਆਂ ਵੱਖ-ਵੱਖ ਟੀਮਾਂ ਨਾਲ ਸੰਪਰਕ ਕਰਕੇ ਮਸ਼ੀਨਰੀ ਲੈ ਸਕਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਅਗਾਂਹ ਵਧੂ ਕਿਸਾਨ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ ਜੋ ਕਿ ਮੌਕੇ ‘ਤੇ ਹੀ ਸੁਪਰਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕਰ ਰਿਹਾ ਸੀ, ਉਹਨਾਂ ਕਿਸਾਨ ਦੀ ਸੋਚ ਨੂੰ ਸਲਾਮ ਕਰਦਿਆਂ ਉਸ ਦੀ ਹੌਸਲਾ-ਅਫਜਾਈ ਵੀ ਕੀਤੀ। 

ਇਸ ਮੌਕੇ ਝੋਨੇ ਦੀ ਪਰਾਲੀ ਪ੍ਰਬੰਧਨ ‘ਚ ਲਗਾਈਆਂ ਗਈਆਂ ਵੱਖ-ਵੱਖ ਟੀਮਾਂ ਵੱਲੋਂ ਮੌਕੇ ‘ਤੇ ਝੋਨੇ ਦੀ ਪਰਾਲੀ ਦੀ ਰਹਿੰਦ-ਖੂਹੰਦ ਨੂੰ ਲਗਾਈ ਅੱਗ ਨੂੰ ਬੁਝਾਇਆ ਗਿਆ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਸਪੈਸ਼ਲ ਸੁਪਰਵਾਈਜ਼ਰਾਂ, ਕਲਸਟਰ ਤੇ ਨੋਡਲ ਅਫਸਰਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਸਖ਼ਤੀ ਨਾਲ ਨਜਿੱਠਣ ਲਈ ਆਦੇਸ਼ ਵੀ ਦਿੱਤੇ।

ਇਸ ਮੌਕੇ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਗੁਰਜੀਤ ਵਿਰਕ ਸਹਾਇਕ ਖੇਤੀਬਾੜੀ ਇੰਜੀਨੀਅਰ ਅਤੇ ਨਵਜੀਤ ਸਿੰਘ ਨੋਡਲ ਅਫਸਰ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।