ਮੋਹਾਲੀ  ਜ਼ਿਲ੍ਹੇ  ‘ਚ 40 ਆਮ ਆਦਮੀ ਕਲੀਨਿਕ ਦੇ ਰਹੇ ਸਥਾਨਕ ਪੱਧਰ ਤੇ ਬੇਹਤਰੀਨ ਸਿਹਤ ਸੇਵਾਵਾਂ 

S.A.S Nagar


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਨਵੰਬਰ, 2024:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਦੇ ਮਕਸਦ ਨਾਲ ਸਿਹਤ ਸਹੂਲਤ ਲਈ 872 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ‘ਚ ਕਾਰਜਸ਼ੀਲ ਹਨ। 

      ਇਸੇ ਲੜੀ ‘ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ 40 ਆਮ ਅਦਮੀ ਕਲੀਨਿਕ ਕਾਰਜ਼ਸ਼ੀਲ ਹਨ। ਇੰਨਾਂ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1403442 ਮਰੀਜ਼ ਇਲਾਜ ਕਰਵਾ ਚੁੱਕੇ ਹਨ।    

      ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕਲੀਨਕਾਂ ਵਿੱਚ ਮਰੀਜ਼ਾਂ ਦੇ 38 ਡਾਇਗਨੌਸਟਿਕ ਟੈਸਟ ਮੁਫਤ ਦਿੱਤੇ ਜਾਂਦੇ ਹਨ, ਜਿਸ ਤਹਿਤ ਹੁਣ ਤੱਕ 2,98,623 ਮਰੀਜ਼ਾਂ ਦੇ ਲੈਬ ਟੈਸਟ ਕੀਤੇ ਜਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ‘ਚ ਮੁਫ਼ਤ ਇਲਾਜ ਤੋਂ ਇਲਾਵਾ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਂਦੀਆ ਹਨ। ਹਰ ਕਲੀਨਿਕ ਆਧੁਨਿਕ ਆਈ. ਟੀ. ਬੁਨਿਆਦੀ ਢਾਂਚੇ ਨਾਲ ਲੈਸ ਹੈ। 

     ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਸਿਹਤ ਸਹੂਲਤਾਂ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਮੁੱਖ ਉਦੇਸ਼ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ। 

ਆਮ ਆਦਮੀ ਕਲੀਨਿਕ ਵਿੱਚ ਇਲਾਜ ਕਰਵਾ ਰਹੇ ਮਰੀਜਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦਾ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ 80 ਫ਼ੀਸਦੀ ਦਵਾਈਆਂ ਮਿਲ ਜਾਂਦੀਆਂ ਹਨ। ਪ੍ਰੋਟੋਕਾਲ ਮੁਤਾਬਿਕ ਪਹਿਲਾਂ ਮਰੀਜ਼ ਰਜਿਸਟਰੇਸ਼ਨ ਕਰਵਾਉਂਦੇ ਹਨ ਅਤੇ ਫਿਰ ਡਾਕਟਰ ਕੋਲ ਚੈੱਕਅਪ ਕਰਵਾਉਂਦੇ ਹਨ। ਇਸ ਦੇ ਬਾਅਦ ਡਾਕਟਰ ਉਨ੍ਹਾਂ ਨੂੰ ਦਵਾਈਆਂ ਲਿਖ ਦਿੰਦੇ ਹਨ ਅਤੇ ਬਾਅਦ ਵਿਚ ਮਰੀਜ਼ ਆਮ ਆਦਮੀ ਕਲੀਨਿਕ ਤੋਂ ਦਵਾਈਆਂ ਲੈਂਦੇ ਹਨ, ਜਿਸ ਕਰਕੇ ਆਮ ਲੋਕਾਂ ਨੂੰ ਰਾਹਤ ਮਿਲੀ ਹੈ। ਆਮ ਆਦਮੀ ਕਲੀਨਿਕਾਂ ਵਿਚ ਸਰਕਾਰ ਵੱਲੋਂ ਮੁਫ਼ਤ ਵਿਚ ਟੈਸਟ ਕੀਤੇ ਜਾਂਦੇ ਹਨ।

      ਸੂਬੇ ‘ਚ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਤੋਂ ਬਾਅਦ ਸਿਵਲ ਹਸਪਤਾਲਾਂ ‘ਤੇ ਵੀ ਬੋਝ ਘੱਟ ਹੋਇਆ ਹੈ। ਇਹ ਕਲੀਨਿਕ ਵਿਸ਼ੇਸ਼ ਤੌਰ ‘ਤੇ ਓ. ਪੀ. ਡੀ. ਸੇਵਾਵਾਂ ਦੀ ਲੋੜ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਏ ਹਨ, ਜੋ ਹੁਣ ਤੱਕ ਲੰਬੀ ਲਾਈਨ ਵਿਚ ਖੜ੍ਹੇ ਹੋਣ ਦੇ ਡਰ ਕਾਰਨ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਨਹੀਂ ਲੈ ਰਹੇ ਸਨ। ਉਨ੍ਹਾਂ ਲੋਕਾਂ ਦਾ ਭਰੋਸਾ ਨਿੱਜੀ ਹਸਪਤਾਲਾਂ ਦੀ ਬਜਾਏ ਆਮ ਆਦਮੀ ਕਲੀਨਿਕਾਂ ‘ਤੇ ਵੱਧ ਰਿਹਾ ਹੈ। ਆਮ ਲੋਕਾਂ ਦਾ ਕਹਿਣਾ ਹੈ ਕਿ ਸਧਾਰਨ ਬੀਮਾਰੀਆਂ ਲਈ ਇਥੇ ਹਰ ਤਰ੍ਹਾਂ ਦੀਆਂ ਦਵਾਈਆਂ ਮਿਲ ਜਾਂਦੀਆਂ ਹਨ ਅਤੇ ਕਲੀਨਿਕਾਂ ‘ਚ ਡਾਕਟਰ ਵੀ ਬਹੁਤ ਵਧੀਆ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਨੇ ਮੁਹੱਲਾ ਕਲੀਨਿਕਾਂ ਦੇ ਰੂਪ ਵਿਚ ਵੱਡੀ ਸਹੂਲਤ ਦਿੱਤੀ ਹੈ ਕਿਉਂਕਿ ਗਰੀਬ ਲੋਕ ਮਹਿੰਗੇ ਹਸਪਤਾਲਾਂ ‘ਚ ਆਪਣਾ ਇਲਾਜ ਨਹੀਂ ਕਰਵਾ ਸਕਦੇ। ਇਨ੍ਹਾਂ ਕਲੀਨਿਕਾਂ ‘ਚ ਸਰਦੀ, ਜ਼ੁਕਾਮ, ਬੁਖਾਰ, ਬੀ.ਪੀ., ਸ਼ੂਗਰ, ਸਕਿੱਨ ਨਾਲ ਸਬੰਧਤ ਅਤੇ ਹੋਰ ਬੀਮਾਰੀਆਂ ਦੇ ਜ਼ਿਆਦਾਤਰ ਮਰੀਜ਼ ਆਉਂਦੇ ਹਨ।