ਅੰਮ੍ਰਿਤਸਰ, 1 ਜੁਲਾਈ 2024 :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਜੋ ਸ਼ੁਰੂਆਤ ਕੀਤੀ ਗਈ ਸੀ, ਉਸ ਤਹਿਤ ਜਿਲ੍ਹਾ ਅੰਮ੍ਰਿਤਸਰ ਵਿੱਚ 4362 ਲੋਕਾਂ ਨੇ 5423 ਸੇਵਾਵਾਂ ਦਾ ਘਰ ਬੈਠੇ ਹੀ ਲਾਭ ਲਿਆ ਹੈ ਅਤੇ ਹੁਣ ਤੱਕ 5241 ਲੋਕਾਂ ਨੂੰ ਇਹ ਸੇਵਾ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਲੋਕਾਂ ਨੂੰ ਵੀ ਨਿਸਚਿਤ ਸਮੇਂ ਦੇ ਅੰਦਰ ਅੰਦਰ ਹੀ ਇਹ ਸੁਵਿਧਾ ਮੁਹੱਈਆ ਕਰਵਾ ਦਿੱਤੀ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਲੋਕ ਹੁਣ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਪ੍ਰਾਪਤ ਕਰ ਸਕਦੇ ਹਨ, ਜਿਸਦੇ ਲਈ ਲੋਕਾਂ ਨੂੰ ਆਪਣੇ ਘਰ ਤੋਂ ਹੀ ਫੋਨ ਨੰਬਰ 1076 ’ਤੇ ਕਾਲ ਕਰਨੀ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕਾਲ ਕਰਨ ਤੋਂ ਉਪਰੰਤ ਉਹ ਸਰਕਾਰੀ ਨੁਮਾਇੰਦੇ ਨੂੰ ਦੱਸ ਸਕਦੇ ਹਨ ਕਿ ਉਹ ਕਿਸ ਵੇਲੇ ਉਹਨਾਂ ਦੇ ਘਰ ਆ ਕੇ ਉਹਨਾਂ ਦੇ ਫੋਟੋ ਜਾਂ ਹੋਰ ਦਸਤਾਵੇਜ਼ ਲਿਜਾ ਕੇ ਉਹਨਾਂ ਨੂੰ ਸਰਕਾਰੀ ਸੇਵਾ ਦਾ ਲਾਭ ਦੇ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਸੇਵਾ ਤਹਿਤ ਜੋ ਵੀ ਸਰਟੀਫਿਕੇਟ ਬਣੇਗਾ ਉਹ ਵੀ ਵਿਅਕਤੀ ਨੂੰ ਉਸਦੇ ਘਰ ਹੀ ਸਰਕਾਰੀ ਨੁਮਾਇੰਦਾ ਦੇ ਕੇ ਜਾਵੇਗਾ। ਉਨਾਂ ਨੇ ਦੱਸਿਆ ਕਿ ਇਸ ਸੇਵਾ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ ਅਤੇ ਉਹਨਾਂ ਨੂੰ ਸਰਕਾਰੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ ਜਾਂ ਹੋਰ ਦਫਤਰਾਂ ਤੱਕ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਜਿੱਥੇ ਇਹ ਯੋਜਨਾ ਸਰਕਾਰੀ ਦਫਤਰਾਂ ਵਿੱਚ ਭੀੜ ਘੱਟ ਕਰਨ ਲਈ ਲਾਹੇਵੰਦ ਹੋਵੇਗੀ, ਉਥੇ ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਸਹੂਲਤਾਂ ਮਿਲ ਸਕਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸੇਵਾਵਾਂ ਦਾ ਲਾਭ ਲੈਣ।
ਸ੍ਰੀ ਥੋਰੀ ਨੇ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾ ਕੇ ਰਾਜ ਵਿਚੋਂ ਪਹਿਲੇ ਨੰਬਰ ਤੇ ਕਾਇਮ ਹੈ। ਉਨਾਂ ਦੱਸਿਆ ਕਿ ਹੁਣ ਤੱਕ 431553 ਦੇ ਕਰੀਬ ਲੋਕਾ ਵਲੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰ ਤੱਕ ਪਹੁੰਚ ਕੀਤੀ ਗਈ ਹੈ। ਜਿਨਾਂ ਵਿਚੋਂ 407562 ਲੋਕਾਂ ਨੂੰ ਸਮੇਂ ਸਿਰ ਉਨਾਂ ਦੀਆਂ ਸੇਵਾਵਾਂ ਦੇ ਦਿੱਤੀਆਂ ਗਈਆਂ ਹਨ।
ਇਸ ਸਬੰਧੀ ਜਿਲ੍ਹਾਂ ਪ੍ਰਸਾਸ਼ਨਿਕ ਸੁਧਾਰ ਸ਼ਾਖਾ ਦੇ ਤਕਨੀਕੀ ਕੁਆਰਡੀਨੇਟਰ ਸ: ਪ੍ਰਿੰਸ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਇਨਾਂ ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਮਹਿਕਮੇ ਦੀਆਂ 425 ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ 43 ਡੋਰ-ਟੂ-ਡੋਰ ਸੇਵਾਵਾਂ ਜਿਨਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।