ਮਾਲੇਰਕੋਟਲਾ, 25 ਸਤੰਬਰ:                 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਅਲ-ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਨਿਵੇਕਲੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੀ ਸੰਗਤ ਦੇ ਰੂਪ ਵਿੱਚ ਸ਼ਾਮਲ ਹੋਏ।

               ਡਰੋਨ ਸ਼ੋਅ ਦੌਰਾਨ ਅੰਬਰ ਵਿੱਚ ਉੱਡੇ 500 ਡਰੋਨਾਂ ਨੇ ਰੰਗ-ਬਿਰੰਗੀਆਂ ਰੌਸ਼ਨ ਆਕ੍ਰਿਤੀਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਅਧਿਆਤਮਿਕ ਵਿਰਾਸਤ ਅਤੇ ਆਧੁਨਿਕ ਤਕਨੀਕ ਦੇ ਇਸ ਵਿਲੱਖਣ ਸੁਮੇਲ ਨੇ ਮੌਜੂਦ ਸੰਗਤ ਨੂੰ ਵਿਸ਼ੇਸ਼ ਤੌਰ ’ਤੇ ਪ੍ਰਭਾਵਿਤ ਕੀਤਾ।

             ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਕਿਰਤ, ਮਨੁੱਖੀ ਮਾਣ-ਸਨਮਾਨ ਅਤੇ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਸਮਾਨਤਾ ਦੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕਰਦੀਆਂ ਹਨ।

           ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਸਮਾਗਮ ਗੁਰੂ ਸਾਹਿਬ ਦੇ ਮਨੁੱਖਤਾ, ਸਮਾਨਤਾ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਅਹਿਮ ਉਪਰਾਲਾ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਮਹਾਨ ਵਿਰਾਸਤ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਲਈ ਆਧੁਨਿਕ ਤਕਨੀਕ ਦੀ ਵਰਤੋਂ ਕਰਨਾ ਇੱਕ ਪ੍ਰਭਾਵਸ਼ਾਲੀ ਪਹਿਲ ਹੈ।

             ਉਨ੍ਹਾਂ ਕਿਹਾ ਕਿ ਅੰਬਰ ’ਤੇ ਉੱਭਰਦੀਆਂ ਰੌਸ਼ਨ ਆਕ੍ਰਿਤੀਆਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਪੇਸ਼ ਕਰਨਾ ਨਵੀਂ ਪੀੜ੍ਹੀ ਨੂੰ ਸਾਡੀ ਮਹਾਨ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਿਆ ਹੈ। ਡਰੋਨ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਨੇ ਰੌਸ਼ਨੀ ਅਤੇ ਤਕਨਾਲੋਜੀ ਰਾਹੀਂ ਪੇਸ਼ ਕੀਤੇ ਗੁਰੂ ਸਾਹਿਬ ਦੇ ਜੀਵਨ-ਦਰਸ਼ਨ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ।

             ਇਸ ਮੌਕੇ ਸਹਾਇਕ ਕਮਿਸ਼ਨਰ ਮਨਦੀਪ ਕੌਰ,ਐਸ.ਪੀ ਰਾਜਵਿੰਦਰ ਸਿੰਘ ਰੰਧਾਵਾ, ਚੇਅਰਮੈਨ ਮਾਰਕੀਟ ਕਮੇਟੀ ਜਾਫਰ ਅਲੀ, ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ, ਕੇ.ਵਾਈ. ਮੁਨਿਸ ਰਹਿਮਾਨ, ਜ਼ਿਲ੍ਹਾ ਮਾਲ ਅਫ਼ਸਰ ਨਵਜੋਤ ਤਿਵਾੜੀ,ਡੀ.ਐਸ.ਪੀ, ਮਾਲੇਰਕੋਟਲਾ ਡਾ. ਮਾਨਵਜੀਤ ਸਿੰਘ ਸਿੱਧੂ, ਡੀ.ਐਸ.ਪੀ.ਯਾਦਵਿੰਦਰ ਸਿੰਘ,ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ,ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੀ ਸਾਧਸੰਗਤ ਮੌਜੂਦ ਸੀ ।