ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

Politics Punjab


ਚੰਡੀਗੜ੍ਹ, 25 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸੂਬਾ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਰਨਾਲਾ, ਫਰੀਦਕੋਟ, ਹੁਸ਼ਿਆਰਪੁਰ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ ਨ਼ਗਰ, ਐਸ.ਬੀ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਦੀਆਂ ਪੱਛੜੀਆਂ  ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 1331 ਲਾਭਪਾਤਰੀਆਂ ਨੂੰ 6.78 ਕਰੋੜ ਰੁਪਏ  ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਠਿੰਡਾ, ਰੂਪਨਗਰ, ਐਸ.ਏ.ਐਸ. ਨਗਰ ਅਤੇ ਐਸ.ਬੀ.ਐਸ.ਨਗਰ ਦੇ ਸਾਲ 2023-24 ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 536 ਲਾਭਪਾਤਰੀਆਂ ਨੂੰ 2.73 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਬਠਿੰਡਾ ਦੇ 196, ਰੂਪਨਗਰ  ਦੇ 74, ਐਸ.ਏ.ਐਸ.ਨਗਰ ਦੇ 63 ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 203, ਕੁੱਲ 536 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।