ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਯੋਗ ਵਿਦਿਆਰਥੀਆਂ ਨੂੰ ਵੋਟ ਪਾਉਣ ਦਾ ਸੱਦਾ

Ludhiana

ਲੁਧਿਆਣਾ, 21 ਮਾਰਚ (000) – ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਭਾਈਵਾਲੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਸਥਾਨਕ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ (ਜੀ.ਐਨ.ਡੀ.ਇ.ਸੀ.), ਗਿੱਲ ਰੋਡ ਵਿਖੇ ਵਿਦਿਆਰਥੀਆਂ ਲਈ ਲਗਾਏ ਗਏ ਵੋਟਰ ਜਾਗਰੂਕਤਾ ਕੈਂਪ ਵਿੱਚ ਸ਼ਮੂਲੀਅਤ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਮੇਜਰ ਸਰੀਨ ਨੇ ਵਿਦਿਆਰਥੀਆਂ ਨੂੰ ਚੱਲ ਰਹੀਆਂ ਲੋਕ ਸਭਾ-2024 ਚੋਣਾਂ ਲਈ ਮੋਹਰੀ ਰੋਲ ਅਦਾ ਕਰਦਿਆਂ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਪਹਿਲੀ ਵਾਰ ਯੋਗ ਵੋਟਰਾਂ ਨੂੰ ‘ਵੋਟਰ ਹੈਲਪਲਾਈਨ’ ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਬਾਰੇ ਜਾਣੂ ਕਰਵਾਇਆ ਗਿਆ, ਜਿਸ ਦੀ ਵਰਤੋਂ ਵਿਦਿਆਰਥੀ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਯੋਗ ਲਾਭਪਾਤਰੀ ਵੈਬਸਾਈਟ www.nvsp.in ਦੀ ਵੀ ਵਰਤੋਂ ਕਰ ਸਕਦੇ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਇਹ ਕੈਂਪ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸਰਗਰਮ ਭਾਈਵਾਲੀ ਯਕੀਨੀ ਬਣਾਉਣ ਲਈ ਸਹੁੰ ਵੀ ਚੁਕਾਈ ਗਈ।

ਇਸੇ ਤਰ੍ਹਾਂ ਮਾਡਲ ਟਾਊਨ ਸਥਿਤ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ, ਗੁਰੂ ਨਾਨਕ ਗਰਲਜ਼ ਕਾਲਜ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ. ਐਂਡ ਐਚ), ਆਈ.ਟੀ.ਆਈ. ਗਿੱਲ ਰੋਡ, ਏ.ਐਸ. ਕਾਲਜ, ਖੰਨਾ ਆਦਿ ਵਿੱਚ ਵੀ ਪਹਿਲੀ ਵਾਰ ਵੋਟਰ ਰਜਿਸਟਰੇਸ਼ਨ ਅਤੇ ਜਾਗਰੂਕਤਾ ਕੈਂਪ ਲਗਾਏ ਗਏ।

ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਲੋਕ ਸਭਾ ਚੋਣਾਂ ਦੌਰਾਨ ਸਵੀਪ ਤਹਿਤ ਲਗਾਤਾਰ ਜਾਗਰੂਕਤਾ ਅਤੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ 70 ਫੀਸਦ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।