ਬਠਿੰਡਾ, 26 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਅੱਜ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਐਮਸੀਐਮਸੀ ਸੈੱਲ ਦੀ ਟੀਮ ਨੂੰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ ਰਹੀ ਨਜ਼ਰਸਾਨੀ ਲਈ ਹੋਰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਈ ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ ਹੈ। ਇਸੇ ਤਰਾਂ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ ਹੈ।
ਇਸ ਦੌਰਾਨ ਸ. ਜਸਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਪੋਸਟਰ ਪੈਫਲਟ ਆਦਿ ਉੱਪਰ ਪ੍ਰਿੰਟਰ ਅਤੇ ਪਬਲਿਸ਼ਰ ਦਾ ਨਾਂ ਛਪਿਆ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਬਣੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਚੋਣਾਂ ਦੌਰਾਨ ਲੋਕਾਂ ਨੂੰ ਵੋਟ ਅਧਿਕਾਰ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ ਪਰ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਤੇ ਆਉਣ ਵਾਲੀਆਂ ਖਬਰਾਂ ਦੀ ਪੁਸ਼ਟੀ ਕੀਤੇ ਬਿਨਾਂ ਉਹਨਾਂ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ ਤਾਂ ਜੋ ਝੂਠੀਆਂ ਖਬਰਾਂ ਦੇ ਪਸਾਰ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਸੈੱਲ ਦੇ ਮੈਂਬਰ ਸਕੱਤਰ ਸ. ਗੁਰਦਾਸ ਸਿੰਘ, ਮੈਂਬਰ ਸ. ਰੂਬਲ ਕਨੌਜੀਆ, ਸ਼੍ਰੀ ਰੋਬਿਨ ਜਿੰਦਲ ਤੋਂ ਇਲਾਵਾ ਐਮਸੀਐਮਸੀ ਟੀਮ ਦੇ ਕਰਮਚਾਰੀ ਆਦਿ ਹਾਜ਼ਰ ਸਨ।