ਡਿਪਟੀ ਕਮਿਸ਼ਨਰ ਵੱਲੋਂ ਪ੍ਰਸਤਾਵਿਤ ਸਟਰਾਂਗ ਰੂਮ/ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਨਿਰੀਖਣ

Ludhiana

ਲੁਧਿਆਣਾ, 1 ਅਪ੍ਰੈਲ (000) – ਜ਼ਿਲ੍ਹਾ ਚੋਣ ਅਫ਼ਸਰ, ਸਾਕਸ਼ੀ ਸਾਹਨੀ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਗਿਣਤੀ ਕੇਂਦਰਾਂ ਲਈ ਪ੍ਰਸਤਾਵਿਤ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੱਲ ਰਹੀਆਂ ਆਮ ਚੋਣਾਂ ਲਈ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹੀ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਵਿਧਾਨ ਸਭਾ ਹਲਕਾ ਆਤਮ ਨਗਰ ਦੇ ਸਹਾਇਕ ਰਿਟਰਨਿੰਗ ਅਫ਼ਸਰ ਰਣਦੀਪ ਸਿੰਘ ਹੀਰ ਅਤੇ ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਆਜ਼ਾਦ ਅਤੇ ਸੁਰੱਖਿਅਤ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਇਨ੍ਹਾਂ ਥਾਵਾਂ ‘ਤੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਥਾਵਾਂ ‘ਤੇ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਸੀ.ਸੀ.ਟੀ.ਵੀ., ਬਿਜਲੀ ਸਪਲਾਈ, ਅੱਗ-ਸੁਰੱਖਿਆ ਦੇ ਉਪਾਅ ਅਤੇ ਸਥਾਨਾਂ ‘ਤੇ ਰੱਖੇ ਗਏ ਅਧਿਕਾਰਤ ਰਜਿਸਟਰਾਂ ਦੇ ਰੱਖ-ਰਖਾਅ ਅਤੇ ਅਪਡੇਟ ਬਾਰੇ ਵੀ ਵੇਰਵੇ ਲਏ।

ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਟਰਾਂਗ ਰੂਮਾਂ/ਕਾਊਂਟਿੰਗ ਸੈਂਟਰਾਂ ਦੀ ਫੁਲ-ਪਰੂਫ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਉਪਾਵਾਂ ਅਤੇ ਪ੍ਰਕਿਰਿਆ ਦੀ ਸਮੀਖਿਆ ਬਾਰੇ ਇੱਕ ਵਿਸਤ੍ਰਿਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਹ ਸੁਰੱਖਿਆ ਉਪਾਅ ਸਿਆਸੀ ਪਾਰਟੀਆਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਚੋਣ ਪ੍ਰਕਿਰਿਆ ਦੀ ਪ੍ਰਭਾਵਸ਼ੀਲਤਾ ਅਤੇ ਭਰੋਸੇਯੋਗਤਾ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਹਰ ਪੜਾਅ ‘ਤੇ ਸਰਗਰਮ ਸ਼ਮੂਲੀਅਤ ਨਾਲ ਲਾਗੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਇਨ੍ਹਾਂ ਚੋਣਾਂ ਦੇ ਅਮਨ-ਅਮਾਨ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।