ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Ferozepur

ਫ਼ਿਰੋਜ਼ਪੁਰ 6 ਅਪ੍ਰੈਲ  2024.

            ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

            ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਇੱਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ  ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।        

            ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ਵਿੱਚ ਵੱਖ-ਵੱਖ ਸਥਾਨਾਂ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੇਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜੂਰੀ ਪ੍ਰਾਪਤ ਕੀਤੀ ਜਾਵੇਗੀ।

          ਇਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਅੰਦਰ ਜੇਲ੍ਹ ਖੇਤਰ ਦੇ 500 ਮੀਟਰ ਦੇ ਦਾਇਰੇ ਅੰਦਰ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ਤੇ ਰੋਕ ਲਗਾਈ ਹੈ।

          ਇਕ ਹੋਰ ਮਨਾਹੀ ਦੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਕੀਤੇ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਹਲਕਿਆਂ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ਤੇ ਨਹੀਂ ਛੱਡੇਗਾ।

          ਇਸੇ ਤਰ੍ਹਾਂ ਇੱਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ ਕਰਕਟ, ਦਰਖਤਾਂ ਦੇ ਸੁੱਕੇ ਪੱਤੇ, ਰੱਦੀ ਕਾਗਜ਼ ਆਦਿ ਖੁੱਲ੍ਹੇ ਵਿੱਚ ਅੱਗ ਲਗਾਉਣ ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਾਤਵਰਣ ਪ੍ਰਦੂਸ਼ਿਤ ਹੁੰਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ ਅਤੇ ਵੱਡੇ ਹਾਦਸੇ ਹੋ ਵਾਪਰ ਸਕਦੇ ਹਨ।