ਉਪ ਮੰਡਲ ਮੈਜਿਸਟ੍ਰੇਟ ਵੱਲੋਂ ਪਿੰਡ ਬਹਿਮਣ ਜੱਸਾ ਸਿੰਘ ਦਾ ਦੌਰਾ

Bathinda

ਤਲਵੰਡੀ ਸਾਬੋ (ਬਠਿੰਡਾ), 20 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਵੱਲੋਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਾਸੋਂ ਪ੍ਰਾਪਤ ਰਿਪੋਰਟ ਅਨੁਸਾਰ ਪਿੰਡ ਬਹਿਮਣ ਜੱਸਾ ਸਿੰਘ ਦੀ ਪਾਣੀ ਸਬੰਧੀ ਸਮੱਸਿਆਵਾਂ ਧਿਆਨ ਵਿੱਚ ਆਉਣ ਤੇ ਤੁਰੰਤ ਕਾਰਵਾਈ ਕੀਤੀ ਗਈ।

ਉਪ ਮੰਡਲ ਮੈਜਿਸਟ੍ਰੇਟ ਸ. ਹਰਜਿੰਦਰ ਸਿੰਘ ਜੱਸਲ ਪਿੰਡ ਬਹਿਮਣ ਜੱਸਾ ਸਿੰਘ ਵਿਖੇ ਪਹੁੰਚੇ ਅਤੇ ਮੌਕੇ ਤੇ ਪਾਇਆ ਕਿ ਪਾਣੀ ਦੀ ਸਪਲਾਈ ਨੂੰ ਇੰਮਪਰੂਵ ਕਰਨ ਲਈ 15ਵੇਂ ਵਿੱਤ ਕਮਿਸ਼ਨ ਰਾਹੀਂ 3.91 ਲੱਖ ਰੁਪਏ ਦੀ ਪ੍ਰਾਪਤ ਹੋਈ ਗ੍ਰਾਂਟ ਦੁਆਰਾ ਕੰਮ ਚੱਲ ਰਿਹਾ ਹੈ। ਇਸ ਕੰਮ ਵਿੱਚ ਫਿਲਟਰ ਦਾ ਕੰਮ, ਕੁਨੈਕਸ਼ਨਾਂ ਦੀ ਰਿਪੇਅਰ, ਫਲੋਟਿੰਗ ਆਰਮ ਅਤੇ ਹੋਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕੰਮ ਲਗਭਗ 4-5 ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਲੋੜੀਂਦੀ  ਮਾਤਰਾ ਵਿੱਚ ਚਾਲੂ ਹੋ ਜਾਵੇਗੀ।

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ. ਹਰਜਿੰਦਰ ਸਿੰਘ ਜੱਸਲ ਨੇ ਪਿੰਡ ਬਹਿਮਣ ਜੱਸਾ ਸਿੰਘ ਦੇ ਵਾਟਰ ਵਰਕਸ ਦੀ ਵਿਸਥਾਰ ਪੂਰਵਕ ਜਾਂਚ ਕੀਤੀ ਗਈ ਅਤੇ ਜਲ ਸਪਲਾਈ ਵਿਭਾਗ ਨੂੰ ਸਖਤ ਹਦਾਇਤ ਕੀਤੀ ਗਈ ਕਿ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਸਬੰਧੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨਹਿਰੀ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਪਿੰਡ ਬਹਿਮਣ ਜੱਸਾ ਸਿੰਘ ਦੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਹਿਰੀ ਪਾਣੀ ਦੀ ਪੂਰੀ ਸਪਲਾਈ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ।