ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Fazilka

ਫਾਜ਼ਿਲਕਾ, 26 ਅਪ੍ਰੈਲ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸੰਭਾਲ ਵਿਚ ਕੀਤੀਆਂ ਗਈਆਂ ਅਤੇ ਭਵਿੱਖ ਵਿਚ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦਾ ਲੇਖਾ-ਜੋਖਾ ਹਾਸਲ ਕੀਤਾ ਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਵਿੱਚ ਦਰਸਾਏ ਕੰਮਾਂ ਦੀ ਵਿਸਥਾਰ ਦੇ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਚਲ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਗੰਦੇ ਪਾਣੀ ਅਤੇ ਸੋਲਿਡ ਵੇਸਟ ਮੈਨੇਜਮੈਂਟ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਗਿੱਲੇ ਅਤੇ ਸੁੱਕੇ ਕੂੜੇ ਦੀ ਸਾਂਭ ਸੰਭਾਲ ਲਈ ਯੋਜਨਾਬੱਧ ਤਰੀਕੇ ਦੇ ਨਾਲ ਪ੍ਰਬੰਧ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਸਿੰਗਲ ਵਰਤੋਂ ਵਾਲੇ ਪਲਾਸਟਿਕ ਦੀ ਰੋਕਥਾਮ ਸਬੰਧੀ ਹੋਰ ਸਖਤੀ ਨਾਲ ਕਾਰਵਾਈਆਂ ਕਰਨ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ, ਉਪਕਰਨਾਂ ਤੇ ਸਾਧਨਾਂ ਦੇ ਬਦਲਵੇਂ ਪ੍ਰਬੰਧਾਂ ਦੀ ਵਰਤੋਂ ਦੀ ਲੋੜ ‘ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਸਾਫ ਸਫਾਈ, ਗੰਦੇ ਪਾਣੀ ਦੇ ਪ੍ਰਬੰਧ, ਪਿੰਡਾਂ ਵਿੱਚੋਂ ਨਿਕਲਣ ਵਾਲੇ ਸੀਵਰੇਜ ਸਬੰਧੀ ਕੀਤੇ ਗਏ ਪ੍ਰਬੰਧ, ਪਲਾਸਟਿਕ ਵੇਸਟ ਮੈਨੇਜਮੈਂਟ, ਹਵਾ ਅਤੇ ਪਾਣੀ ਦੀ ਸ਼ੁੱਧਤਾ, ਖੇਤੀਬਾੜੀ ਦੌਰਾਨ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਆਦਿ ਸਬੰਧੀ ਅਧਿਕਾਰੀਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰੋਕਥਾਮ ਸਬੰਧੀ ਐਨ.ਜੀ.ਟੀ. ਵੱਲੋਂ ਜੋ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਇਨ੍ਹਾਂ ਨੂੰ ਅਮਲ ਵਿੱਚ ਲਿਆਣਾ ਯਕੀਨੀ ਬਣਾਇਆ ਜਾਵੇ ਅਤੇ ਪ੍ਰਦੂਸ਼ਣ ਰੋਕਥਾਮ ਲਈ ਹਰ ਤਰ੍ਹਾਂ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਨਜਾਇਜ ਕਬਜਿਆਂ ਨੂੰ ਹਟਾਉਣ ਸਬੰਧੀ ਵੀ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਜਾਣ।
ਇਸ ਮੌਕੇ ਸਹਾਇਕ ਵਾਤਾਵਰਣ ਇੰਜੀਨੀਅਰ ਅਨੀਸ਼ ਸ਼ਰਮਾ, ਕਾਰਜ ਸਾਧਕ ਅਫਸਰ ਮੰਗਤ ਰਾਮ, ਗੁਰਦਾਸ ਸਿੰਘ, ਨਰੇਸ਼ ਖੇੜਾ ਸੁਪਰਡੰਟ, ਜਗਦੀਪ ਅਰੜਾ, ਪੁਲਿਸ ਵਿਭਾਗ, ਸਿਹਤ ਵਿਭਾਗ ਆਦਿ ਹੋਰ ਵਿਭਾਗਾਂ ਦੇ ਸਬੰਧਤ ਅਧਿਕਾਰੀ ਹਾਜ਼ਰ ਸਨ।