ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ

Mansa

ਮਾਨਸਾ, 28 ਅਪ੍ਰੈਲ:
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚ ਰਹੀ ਕਣਕ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਪ੍ਰਕਿਰਿਆ ਵਿਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਨਸਾ ਦੇ ਪ੍ਰਭਾਰੀ ਸਕੱਤਰ ਸ੍ਰੀ ਵੀ.ਕੇ.ਮੀਨਾ ਨੇ ਮਾਨਸਾ ਵਿਖੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਰੋਜ਼ਾਨਾ ਦਾ ਟੀਚਾ ਨਿਰਧਾਰਤ ਕਰਕੇ ਲਿਫਟਿੰਗ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਖਰੀਦ ਕੀਤੀ ਜਿਣਸ ਦੀ ਅਦਾਇਗੀ ਅਤੇ ਲਿਫਟਿੰਗ ਨੂੰ ਯੋਜਨਾਬੱਧ ਢੰਗ ਨਾਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਦੇਸ਼ ਦਿੱਤੇ ਕਿ ਉਹ ਆਪਣੀਆਂ ਆਪਣੀਆਂ ਸਬੰਧਤ ਮੰਡੀਆਂ ਵਿਚ ਰੋਜ਼ਾਨਾ ਦੇ ਆਧਾਰ ’ਤੇ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਰਾਬਤਾ ਕਾਇਮ ਰੱਖਣ ਤਾਂ ਜੋ ਖਰੀਦ ਪ੍ਰਕਿਰਿਆ ਸੁਖਾਲੇ ਢੰਗ ਨਾਲ ਨੇਪਰੇ ਚੜ੍ਹਾਈ ਜਾ ਸਕੇ।
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੁੱਲ 146 ਖਰੀਦ ਕੇਂਦਰ ਬਣਾਏ ਗਏ ਹਨ, ਜੋ ਵੱਖ-ਵੱਖ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ 6.02 ਲੱਖ ਮੀਟਰਕ ਟਨ ਕਣਕ ਮੰਡੀਆਂ ਵਿਚ ਆਉਣ ਦੀ ਸੰਭਾਵਨਾ ਹੈ ਅਤੇ 4.85 ਲੱਖ ਮੀਟਰਕ ਟਨ ਕਣਕ ਮੰਡੀਆਂ ਵਿਚ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਣਕ ਦੀ ਖ਼ਰੀਦ ਪ੍ਰਕਿਰਿਆ ’ਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਐਸ.ਪੀ. ਸ੍ਰੀ ਜਸਕੀਰਤ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰ. ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਮਨ ਮੰਗਲਾ, ਜ਼ਿਲ੍ਹਾ ਮੈਨੇਜ਼ਰ ਪਨਸਪ ਸ੍ਰੀ ਅਮਿਤ ਕੁਮਾਰ, ਜ਼ਿਲ੍ਹਾ ਮੈਨੇਜ਼ਰ ਮਾਰਕਫੈਡ ਸ੍ਰੀ ਵਿਸ਼ਾਲ ਗੁਪਤਾ, ਜ਼ਿਲ੍ਹਾ ਮੈਨੇਜ਼ਰ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਸ੍ਰ. ਪਰਮਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।