ਕੌਮੀ ਲੋਕ ਅਦਾਲਤ ਦੌਰਾਨ 9811 ਕੇਸਾਂ ਦਾ ਨਿਪਟਾਰਾ

Bathinda

ਬਠਿੰਡਾ, 11 ਮਈ : ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀ ਦਿੱਲੀ ਅਤੇ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, (ਮੋਹਾਲੀ) ਜੀਆਂ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਸ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਕੌਮੀ ਲੋਕ ਅਦਾਲਤ ਵਿਚ 18 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿਚ ਸਬ-ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਿਲ ਹਨ। ਇਸ ਕੌਮੀ ਲੋਕ ਅਦਾਲਤ ਵਿਚ ਸਿਵਲ ਅਤੇ ਕਰੀਮੀਨਲ ਸਮੇਤ ਅਪੀਲ, ਬੈਂਕ ਰਿਕਵਰੀ ਕੇਸ, ਟ੍ਰੈਫਿਕ ਚਲਾਨਾਂ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਕੌਮੀ ਲੋਕ ਅਦਾਲਤ ਵਿਚ ਕੁੱਲ 15923 ਕੇਸ ਲਗਾਏ ਗਏ ਅਤੇ 9811 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 706763056/- ਰੁਪਏ ਦਾ ਅਵਾਰਡ ਪਾਸ ਕੀਤੇ ਗਏ। ਇਸ ਕੌਮੀ ਲੋਕ ਅਦਾਲਤ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਵਿਦਿਆਰਥੀਆਂ ਵੱਲੋਂ ਹੈਲਪ ਡੈਸਕ ਸਥਾਪਿਤ ਕਰਕੇ ਆਮ ਜਨਤਾ ਦੀ ਸਹਾਇਤਾ ਕੀਤੀ ਗਈ। ਇਸ ਤੋਂ ਇਲਾਵਾ ਇਸ ਕੌਮੀ ਲੋਕ ਅਦਾਲਤ ਵਿੱਚ ਡਾਕਟਰ ਰੰਜਨ ਕੁਮਾਰ ਕੁੱਲਰ, ਮਾਣਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਜੀ ਦੀ ਅਦਾਲਤ ਵਿੱਚ ਦੋ ਧਿਰਾਂ ਵਿਚਕਾਰ ਕਾਫ਼ੀ ਲੰਮੇ ਸਮੇਂ ਤੋਂ ਚੱਲ ਰਹੇ ਦੁਕਾਨ ਦੇ ਕਬਜ਼ੇ ਆਪਸੀ ਝਗੜ੍ਹੇ ਦਾ ਨਿਪਟਾਰਾ ਦੋਵੇਂ ਧਿਰਾਂ ਦੀ ਰਜ਼ਾਮੰਦੀ ਨਾਲ ਕਰਵਾਇਆ ਗਿਆ।

ਸ੍ਰੀ ਸੁਰੇਸ਼ ਕੁਮਾਰ ਗੋਇਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਨੇ ਦੱਸਿਆ ਕਿ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਂਦਾ ਹੈ। ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ। ਲੋਕ ਅਦਾਲਤ ਦੇ ਫੈਸਲੇ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ ਅਤੇ ਇਸ ਦੇ ਫੈਸਲੇ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜੀਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਕਰਨ।

        ਸ੍ਰੀ ਸੁਰੇਸ਼ ਕੁਮਾਰ ਗੋਇਲ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐਮ.-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਟੋਲ ਫ੍ਰੀ ਨੰਬਰ 15100 ਬਾਰੇ ਦਸਦਿਆਂ ਕਿਹਾ ਕਿ ਕਿਸੇ ਨੂੰ ਮੁਫਤ ਕਾਨੂੰਨੀ ਸੇਵਾਵਾਂ ਦੀ ਲੋੜ ਹੈ ਤਾਂ ਉਹ ਇਸ ਟੋਲ ਫ੍ਰੀ ਨੰਬਰ ਤੇ ਸੰਪਰਕ ਕਰ ਸਕਦਾ ਹੈ।