ਚੋਣਾਂ ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਸਫਲਤਾਪੂਵਰਕ ਢੰਗ ਨਾਲ ਚੜਾਇਆ ਜਾਵੇਗਾ ਨੇਪਰੇ : ਜਸਪ੍ਰੀਤ ਸਿੰਘ

Bathinda

ਬਠਿੰਡਾ, 29 ਮਈ : ਲੋਕ ਸਭਾ ਚੋਣਾਂ-2024 ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਸਪੈਸ਼ਲ ਖਰਚਾ ਅਬਜ਼ਰਵਰ ਸ਼੍ਰੀ ਬੀਆਰ ਬਾਲਾਕ੍ਰਿਸ਼ਨ, ਸਪੈਸ਼ਲ ਪੁਲਿਸ ਅਬਜ਼ਰਵਰ ਸ਼੍ਰੀ ਦੀਪਕ ਮਿਸ਼ਰਾ, ਖਰਚਾ ਨਿਗਰਾਨ ਸ਼੍ਰੀ ਅਖਲੇਸ਼ ਕੁਮਾਰ ਯਾਦਵ, ਮੈਡਮ ਨੰਦਨੀ ਆਰ ਨਾਇਰ, ਜਨਰਲ ਨਿਗਰਾਨ ਡਾ. ਐਸ ਪ੍ਰਭਾਕਰ ਅਤੇ ਪੁਲਿਸ ਨਿਗਰਾਨ ਬੀ. ਸ਼ੰਕਰ ਜੈਸਵਾਲ ਨਾਲ ਸਮੁੱਚੀ ਚੋਣ ਪ੍ਰਕਿਰਿਆਂ ਸਬੰਧੀ ਜਾਣੂ ਕਰਵਾਉਂਦਿਆਂ ਮੀਟਿੰਗ ਦੌਰਾਨ ਸਾਂਝੀ ਕੀਤੀ।

ਮੀਟਿੰਗ ਮੌਕੇ ਮੌਜੂਦ ਅਬਜ਼ਰਵਰਾਂ ਨੇ ਲੋਕ ਸਭਾ ਹਲਕੇ ਅੰਦਰ ਪੈਂਦੇ 9 ਵਿਧਾਨ ਸਭਾ ਹਲਕਿਆਂ ਦੀ ਹੁਣ ਤੱਕ ਦੀ ਸਮੁੱਚੀ ਚੋਣ ਗਤੀਵਿਧੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਉਮੀਦ ਜਤਾਈ ਕਿ ਚੋਣ ਕਾਰਜਾਂ ’ਚ ਜੁਟਿਆ ਚੋਣ ਅਮਲਾ ਚੋਣਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਆਪਣੀਆਂ ਸੇਵਾਵਾਂ ਨੂੰ ਬਾਖੂਬੀ ਨਿਭਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਆਪਣੀ ਆਂਤਰ ਆਤਮਾ ਨੂੰ ਧਿਆਨ ਹਿਤ ਰੱਖਦਿਆਂ ਚੋਣਾਂ ਨੂੰ ਇੱਕ ਪਵਿੱਤਰ ਕਾਰਜ ਸਮਝਦਿਆਂ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ।

ਇਸ ਤੋਂ ਪਹਿਲਾ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਮੌਜੂਦ ਅਬਜ਼ਰਵਰਾਂ ਨੂੰ ਲੋਕ ਸਭਾ ਹਲਕਾ 11-ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਲਈ ਕੁੱਲ 1814 ਪੋਲਿੰਗ ਸਟੇਸ਼ਨ ਹਨ।

ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਸਮੁੱਚੇ ਕਾਰਜਾਂ, ਪੋਲਿੰਗ ਵਾਲੇ ਦਿਨ ਕੀਤੇ ਜਾਣ ਵਾਲੇ ਪ੍ਰਬੰਧਾਂ, ਈਵੀਐਮ ਤੇ ਵੀਵੀਪੈਟ ਮਸ਼ੀਨਾਂ, ਪੋਲਿੰਗ ਸਟੇਸ਼ਨਾਂ, ਪੋਲਿੰਗ ਤੇ ਕਾਊਟਿੰਗ ਸਟਾਫ, ਰੈਂਡਮਾਈਜੇਸ਼ਨ, ਸਟਰਾਂਗ ਰੂਮਾਂ, ਹੁਣ ਤੱਕ ਜ਼ਬਤ ਕੀਤੀਆਂ ਗਈਆਂ ਗੈਰ ਕਾਨੂੰਨੀ ਵਸਤਾਂ ਤੋਂ ਇਲਾਵਾ ਜ਼ਿਲ੍ਹੇ ਅੰਦਰ ਤਾਇਨਾਤ ਕੀਤੇ ਮਾਈਕਰੋ ਅਬਜ਼ਰਬਰਾਂ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ 28 ਮਈ 2024 ਸ਼ਾਮ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 706 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 704 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 2 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ।

ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ ਦਿਨ ਪ੍ਰਤੀ ਦਿਨ ਵੱਧ ਰਹੇ ਗਰਮੀ ਦੇ ਪ੍ਰਭਾਵ ਨੂੰ ਦੇਖਦਿਆਂ ਵੋਟਰਾਂ ਲਈ ਸਪੈਸ਼ਲ ਓਆਰਐਸ ਦੇ ਘੋਲ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਉਨ੍ਹਾਂ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਪੋਲਿੰਗ ਬੂਥਾਂ ’ਤੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਆਰਓ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਰਓ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ, ਐਸਐਸਪੀ ਬਠਿੰਡਾ, ਸ਼੍ਰੀ ਦੀਪਕ ਪਾਰੀਕ ਅਤੇ ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਵਲੋਂ ਵੀ ਚੋਣਾਂ ਦੇ ਮੱਦੇਨਜ਼ਰ ਕੀਤੇ ਗਏ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਮੀਟਿੰਗ ਦੌਰਾਨ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀ ਲਤੀਫ ਅਹਿਮਦ, ਅਤੇ ਵੱਖ-ਵੱਖ ਹਲਕਿਆਂ ਨਾਲ ਸਬੰਧਤ ਏਆਰਓਜ਼ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।