ਫਰੀਦਕੋਟ 7 ਜੂਨ ( ) ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਆਤਮਾ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਾਉਣੀ 2024 ਧੀਂਗੜਾ ਪੈਲੇਸ ਫਰੀਦਕੋਟ ਵਿਖੇ 12 ਜੂਨ 2024 ਦਿਨ ਬੁੱਧਵਾਰ ਨੂੰ ਸਵੇਰੇ 09 ਵਜੇ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਕੈਂਪ ਦੇ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਮੇਲੇ ਦੇ ਵਿਸ਼ੇਸ਼ ਮਹਿਮਾਨ ਹੋਣਗੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਡਾ. ਨਰਿੰਦਰਪਾਲ ਸਿੰਘ ਸੰਯੁਕਤ ਡਾਇਰੈਕਟਰ (ਪੀ.ਪੀ.) ਖੇਤੀਬਾੜੀ ਪੰਜਾਬ ਕੈਂਪ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ ਸਾਉਣੀ ਦੀਆਂ ਫਸਲਾਂ ਬੀਜ਼ਣ ਦਾ ਢੰਗ, ਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫਸਲਾਂ ਨੂੰ ਕੀੜਿਆਂ/ਬਿਮਾਰੀਆਂ ਤੋ ਬਚਾਉਣ ਲਈ ਕਿਸਾਨਾਂ ਨੂੰ ਵਿਸਥਾਰਤ ਜਾਣਕਾਰੀ ਦੇਣਗੇ। । ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਿਲ੍ਹਾ ਪੱਧਰੀ ਕੈਂਪ ਵਿੱਚ ਸ਼ਿਰਕਤ ਕਰਕੇ ਇਸ ਦਾ ਵੱਧ ਤੋ ਵੱਧ ਲਾਹਾ ਉਠਾਉਣ।