ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸਤਲੁਜ ‘ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

Ludhiana

ਲੁਧਿਆਣਾ, 13 ਜੂਨ (000) – ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਲਮਾਨੀ ਵੱਲੋਂ ਅੱਜ ਪਿੰਡ ਕਾਸਾਬਾਦ ਨੇੜੇ ਸਤਲੁਜ ਦਰਿਆ ਵਿੱਚ ਡੁੱਬਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਪੂਰਬੀ ਵਿਕਾਸ ਹੀਰਾ, ਏ.ਡੀ.ਸੀ.ਪੀ. ਗੁਰਮੀਤ ਕੌਰ ਤੇ ਹੋਰ ਹਾਜ਼ਰ ਸਨ।

ਪੰਜਾਬ ਵਕਫ਼ ਬੋਰਡ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 3-3 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਨੇ ਦੁੱਖ ਸਾਂਝਾ ਕੀਤਾ ਅਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਮਿਸ਼ਨ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਮੰਨਿਆ ਕਿ ਮੁਆਵਜ਼ੇ ਦੀ ਕੋਈ ਰਕਮ ਪਰਿਵਾਰਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਘੱਟ ਨਹੀਂ ਕਰ ਸਕਦੀ। ਇਸ ਤੋਂ ਇਲਾਵਾ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਕਮਿਸ਼ਨ ਵੱਲੋਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਸਲਮਾਨੀ ਨੇ ਇਹ ਵੀ ਦੱਸਿਆ ਕਿ ਉਹ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੂੰ ਪਰਿਵਾਰਾਂ ਲਈ ਵਾਧੂ ਵਿੱਤੀ ਸਹਾਇਤਾ ਦੀ ਅਪੀਲ ਵੀ ਕਰਨਗੇ।