ਆਪ ਦੀ ਸਰਕਾਰ, ਆਪ ਦੇ ਦੁਆਰ” ਮਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ: ਐਸ.ਡੀ.ਐਮ ਗੁਰਮੰਦਰ ਸਿੰਘ

S.A.S Nagar

ਖਰੜ,  21 ਜੂਨ:
“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਮਾਜਰੀ ਵਿੱਚ ਪੈਂਦੇ ਪੰਜ ਪਿੰਡਾਂ ਦਾ ਇੱਕ ਵਿਸੇਸ਼ ਕੈਂਪ ਬਲਾਕ ਵਿਕਾਸ ਤੇ  ਪੰਚਾਇਤ ਅਫਸਰ ਮਾਜਰੀ ਦੇ ਦਫਤਰ  ਵਿਖੇ ਲਗਾਇਆ ਗਿਆ।

 ਬੀ.ਡੀ.ਪੀ. ਓ ਦਫਤਰ ਮਾਜਰੀ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨਾਂ ਦਾ ਨਿਪਟਾਰਾ ਕਰਵਾਉਣ ਉਪਰੰਤ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਪਿੰਡਾਂ ਦੀਆਂ ਸੱਥਾਂ ਵਿੱਚ ਪੁੱਜ ਕੇ  ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ ਅਤੇ  ਆਮ ਲੋਕਾਂ ਦੀਆਂ  ਸ਼ਿਕਾਇਤਾਂ/ਮੁਸ਼ਕਿਲਾਂ ਦਾ ਨਿਪਟਾਰਾ ਮੌਕੇ ਤੇ ਹੀ ਕੀਤਾ ਗਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਇਹਨਾ ਕੈਂਪਾ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਲੰਬਿਤ ਪਏ ਕੰਮ ਪੂਰੇ ਕਰਵਾਉਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚਲਾਈ ਗਈ  ਮੁਹਿੰਮ “ਆਪ ਦੀ ਸਰਕਾਰ, ਆਪ ਦੇ ਦੁਆਰ”  ਸਦਕਾ ਅੱਜ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਆਮ ਨਾਗਰਿਕਾਂ ਉਨ੍ਹਾਂ ਕੋਲ ਆ ਰਹੇ ਹਨ। ਇਸ ਕੈਂਪਾਂ ਵਿੱਚੋਂ ਆਪਣੇ ਸਰਕਾਰੀ ਕੰਮ ਕਰਵਾਉਣ ਉਪਰੰਤ ਲੋਕ ਰਾਹਤ ਮਹਿਸੂਸ ਕਰ ਰਹੇ ਹਨ ਕਿ ਸਰਕਾਰ ਦੇ ਇਸ ਉਦਮ ਨਾਲ ਉਨ੍ਹਾਂ ਦੇ ਕੰਮ ਬਿਨਾਂ ਕਿਸੇ ਖੱਜਲ-ਖੁਆਰੀ ਦੇ ਘਰ ਬੈਠੇ ਹੀ ਹੋ ਰਹੇ ਹਨ। ਕੈਪ ਵਿੱਚ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਗਿਆ ਅਤੇ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਗਿਆ।

ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਖਰੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਹ ਪਹਿਲਕਦਮੀ ਹੈ ਕਿ ਵੱਖੋ ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀ ਆਪ ਚਲ ਕੇ ਲੋਕਾਂ ਤੱਕ ਪਹੁੰਚ ਕਰ ਰਹੇ ਹਨ  ਅਤੇ ਬਿਨਾਂ ਸਮਾਂ ਗੁਆਏ ਲੋਕ ਆਪਣੇ ਕੰਮ ਕਰਵਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਦੀ ਲੋਕਾਂ ਵੱਲੋਂ ਪ੍ਰਸੰਸ਼ਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਕੰਮ ਘਰ ਬੈਠੇ ਹੀ ਹੋ ਰਹੇ ਹਨ। ਇੰਨ੍ਹਾਂ ਕੈਪਾਂ ਦਾ ਮਕਸਦ ਹੀ ਲੋਕਾਂ ਨੂੰ  ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕਰਨਾ ਹੈ। ਉਨ੍ਹਾਂ ਨੇ ਕੈਂਪ ਵਿਚ ਹਾਜ਼ਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਆਮ ਲੋਕਾਂ ਦੀਆਂ ਸਰਕਾਰੀ ਕੰਮਾਂ ਨਾਲ  ਸਬੰਧਤ ਪ੍ਰਾਪਤ ਅਰਜ਼ੀਆਂ ਨੂੰ ਜਲਦੀ ਨਿਪਟਾਉਣ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਸਰਕਾਰ ਵੱਲੋਂ  ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਹਦਾਇਤ ਵੀ ਕੀਤੀ। ਇਸ ਮੌਕੇ ਵੱਖੋ ਵੱਖ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।

ਐਸ.ਡੀ.ਐਮ. ਖਰੜ ਸੁਖਮੰਦਰ ਸਿੰਘ ਨੇ ਆਮ ਲੋਕਾਂ ਨੂੰ ਅਪੀਲ  ਕੀਤੀ ਕਿ ਉਹ ਅਜਿਹੇ ਕੈਂਪਾਂ ਵਿਚ ਜ਼ਰੂਰ ਸ਼ਾਮਿਲ ਹੋਣ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਅਤੇ ਆਪਣੀਆਂ ਮੁਸ਼ਕਲਾਂ ਮੌਕੇ ‘ਤੇ ਹੀ ਹੱਲ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਅਗਲੇ ਕੈਂਪ ਦੀ ਮਿਤੀ ਅਤੇ ਸਥਾਨ ਬਾਰੇ ਜਲਦ ਸੂਚਨਾ ਦਿੱਤੀ ਜਾਵੇਗੀ।