ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ ਬਣਾਏ ਜਾਣਗੇ ਮਿੰਨੀ ਜੰਗਲ – ਧੀਮਾਨ 

Ferozepur

ਫ਼ਿਰੋਜ਼ਪੁਰ 26 ਜੂਨ 2024 () 

ਜ਼ਿਲਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਵੱਖ-ਵੱਖ ਐਨ.ਜੀ.ਓਜ਼ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਆਉਂਦੇ ਛੇ ਬਲਾਕਾਂ ਦੇ ਕੁੱਲ 35 ਏਕੜ ਦੇ ਕਰੀਬ ਰਕਬੇ ਵਿਚ ਮਿੰਨੀ ਜੰਗਲ ਸਥਾਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਧਾਰਮਿਕ ਅਸਥਾਨਾਂ, ਵਿੱਦਿਅਕ ਸੰਸਥਾਵਾਂ, ਸ਼ਮਸ਼ਾਨ ਘਾਟਾਂ, ਜਨਤਕ ਥਾਵਾਂ ਤੇ ਵੀ ਰਿਵਾਇਤੀ ਰੁੱਖ ਲਗਾਏ ਜਾਣਗੇ, ਜਿਨ੍ਹਾਂ ਦੀ ਦੇਖਭਾਲ ਕਰਨ ਲਈ ਮਗਨਰੇਗਾ ਤੋਂ ਵਿਸ਼ੇਸ਼ ਮੁਲਾਜ਼ਮਾਂ ਦੀ ਡਿਊਟੀ ਲਗਾਈ ਜਾਵੇਗੀ। ਇਸ ਮੁਹਿੰਮ ਦੀ ਸ਼ੁਰੂਆਤ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ। 

ਇਸ ਮੌਕੇ ਉਨ੍ਹਾਂ ਵਾਤਾਵਰਨ ਦੀ ਸੰਭਾਲ ਲਈ ਸਾਂਝੇ ਤੌਰ ‘ਤੇ ਹੰਭਲਾ ਮਾਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਾਰਜ ਲਈ ਜ਼ਿਲ੍ਹਾ ਪ੍ਰਸ਼ਾਸਨ, ਸਵੈ-ਸੇਵੀ ਸੰਸਥਾਵਾਂ, ਐਨ. ਜੀ ਓ, ਧਾਰਮਿਕ ਸੰਸਥਾਵਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਨੂੰ ਹਰਿਆ-ਭਰਿਆ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਤਾਵਰਨ, ਭੌਂ – ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਹਰੇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਮਾਜ ਸੇਵੀ ਸੰਸਥਾਵਾਂ, ਪੰਚਾਇਤਾਂ ਦੇ ਸਹਿਯੋਗ ਨਾਲ ਛੇ ਬਲਾਕਾਂ ਫ਼ਿਰੋਜ਼ਪੁਰ, ਘੱਲ ਖੁਰਦ, ਜ਼ੀਰਾ, ਮੱਖੂ, ਮਮਦੋਟ ਅਤੇ ਗੁਰੂਹਰਸਹਾਏ ਵਿਖੇ ਸਥਾਪਤ ਕੀਤੇ ਜਾਣ ਵਾਲੇ ਮਿੰਨੀ ਜੰਗਲਾਂ ਵਿੱਚ ਪਿੱਪਲ, ਬੋਹੜ, ਨਿੰਮ, ਪਿਲਕਨ, ਕਿੱਕਰ, ਤੂਤ, ਟਾਹਲੀ ਵਰਗੇ ਰਿਵਾਇਤੀ ਰੁੱਖ ਲਗਾਏ ਜਾਣਗੇ ਅਤੇ ਇਨ੍ਹਾਂ ਦੀ ਨਿਰੰਤਰ ਸੰਭਾਲ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣ ਕੇ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।