ਫ਼ਿਰੋਜ਼ਪੁਰ, 27 ਜੂਨ 2024:
ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆਂ ਸਰਕਾਰੀ/ ਗ਼ੈਰ ਸਰਕਾਰੀ ਜ਼ਮੀਨਾਂ ’ਤੇ 6.5 ਲੱਖ ਪੌਦੇ ਲਗਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਮੌਕੇ ਕੀਤਾ।
ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਕਿਉਂਕਿ ਇਹ ਸਮਾਂ ਪੌਦਿਆਂ ਲਈ ਅਨੁਕੂਲ ਹੁੰਦਾ ਹੈ, ਮਿੱਟੀ ਵੀ ਨਰਮ ਹੁੰਦੀ ਹੈ ਅਤੇ ਬਾਰਿਸ਼ ਨਾਲ ਬੂਟਿਆਂ ਨੂੰ ਪਾਣੀ ਮਿਲਦਾ ਰਹਿੰਦਾ ਹੈ। ਇਸ ਸਮੇਂ ਬੂਟੇ ਦੇ ਚੰਗੀ ਤਰ੍ਹਾਂ ਵੱਧਣ ਫੁੱਲਣ ਦੀ ਸੰਭਾਵਨਾ ਵੱਧ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਖਾਲ਼ੀ ਪਈ ਜ਼ਮੀਨ ’ਤੇ ਪਿੱਪਲ, ਬੋਹੜ, ਨਿੰਮ, ਪਿਲਕਨ, ਕਿੱਕਰ, ਤੂਤ, ਟਾਹਲੀ ਵਰਗੇ ਰਿਵਾਇਤੀ ਪੌਦੇ ਲਗਾਉਣ ਤੋਂ ਬਾਅਦ ਉਨ੍ਹਾਂ ਦਾ ਸਮੇਂ-ਸਮੇਂ ਉੱਤੇ ਧਿਆਨ ਵੀ ਰੱਖਣ ਤਾਂ ਜੋ ਪੌਦੇ ਦੀ ਸਹੀ ਦੇਖਭਾਲ ਹੁੰਦੀ ਰਹੇ।
ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜੰਗਲਾਤ ਅਫ਼ਸਰ ਸਤਿੰਦਰ ਸਿੰਘ ਨੇ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਅੰਦਰ 6.5 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਨ੍ਹਾਂ ਵਿੱਚੋਂ ਵਣ ਵਿਭਾਗ ਵੱਲੋਂ 1.5 ਲੱਖ ਪੌਦੇ ਲਗਾਏ ਜਾਣਗੇ ਅਤੇ ਉਨ੍ਹਾਂ ਦੀ ਦੇਖਭਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਾਕੀ ਪੰਜ ਲੱਖ ਪੌਦੇ ਵੱਖ-ਵੱਖ ਵਿਭਾਗਾਂ ਅਤੇ ਐਨ.ਜੀ.ਓਜ਼ ਵੱਲੋਂ ਸਰਕਾਰੀ/ਗ਼ੈਰ ਸਰਕਾਰੀ ਜ਼ਮੀਨ ‘ਤੇ ਲਗਾਏ ਜਾਣਗੇ। ਇਹ ਪੌਦੇ ਵਣ ਵਿਭਾਗ ਵੱਲੋਂ ਉਪਲੱਬਧ ਕਰਵਾਏ ਜਾਣਗੇ ਅਤੇ ਸਾਂਭ-ਸੰਭਾਲ ਸਬੰਧੀ ਤਕਨੀਕੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਭਾਗਾਂ ਨੂੰ ਇਹ ਪੌਦੇ ਜ਼ਿਲ੍ਹੇ ਅੰਦਰ ਸਰਕਾਰੀ ਨਰਸਰੀਆਂ ਤੋਂ ਬਿਲਕੁਲ ਮੁਫ਼ਤ ਉਪਲੱਬਧ ਕਰਵਾਏ ਜਾਣਗੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਅਰੁਣ ਸ਼ਰਮਾ, ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ, ਐਸ.ਡੀ.ਐਮ. ਗੁਰੂਹਰਸਹਾਏ ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ(ਜ) ਸੂਰਜ, ਡੀ.ਡੀ.ਪੀ.ਓ. ਜਸਵੰਤ ਸਿੰਘ ਬੜੈਚ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।