ਅੰਮ੍ਰਿਤਸਰ, 27 ਜੂਨ 2024: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਉਨ੍ਹਾਂ ਦੇ ਦਫ਼ਤਰ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਵਿਧਾਇਕ ਡਾ: ਗੁਪਤਾ ਨੇ ਉਨ੍ਹਾਂ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਲੋਕਲ ਬਾਡੀ ਵਿਭਾਗ ਵੱਲੋਂ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੀ.ਐਮ.ਆਈ.ਡੀ.ਸੀ. ਵੱਲੋਂ ਨਗਰ ਨਿਗਮ ਨੂੰ ਵਿਕਾਸ ਕਾਰਜਾਂ ਲਈ ਬਕਾਇਆ ਫੰਡ ਜਾਰੀ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਠੇਕੇਦਾਰਾਂ ਨੂੰ ਅਦਾਇਗੀ ਨਾ ਹੋਣ ਕਾਰਨ ਵਿਕਾਸ ਕਾਰਜ ਫਿਲਹਾਲ ਠੱਪ ਪਏ ਹਨ। ਇਹ ਫੰਡ PMIDC ਤੋਂ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣੇ ਚਾਹੀਦੇ ਹਨ। ਵਿਧਾਇਕ ਡਾ: ਗੁਪਤਾ ਨੇ ਵਿਸ਼ੇਸ਼ ਸਕੱਤਰ ਨੂੰ ਕਿਹਾ ਕਿ ਉਹ ਆਉਂਦੇ ਦਿਨਾਂ ਵਿੱਚ ਨਗਰ ਨਿਗਮ ਨੂੰ ਬਕਾਇਆ ਫੰਡ ਜਾਰੀ ਕਰ ਦੇਣ। ਜਿਸ ‘ਤੇ ਅਜੋਏ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਫੰਡ ਜਾਰੀ ਕੀਤੇ ਜਾ ਰਹੇ ਹਨ।
ਸਫਾਈ ਅਤੇ ਸੀਵਰੇਜ ਸਿਸਟਮ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ
ਵਿਧਾਇਕ ਡਾ: ਅਜੇ ਗੁਪਤਾ ਨੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਗੁਰੂ ਨਗਰੀ ਦੀ ਸਫ਼ਾਈ ਵਿਵਸਥਾ ਸਬੰਧੀ ਵਿਸਥਾਰਪੂਰਵਕ ਗੱਲਬਾਤ ਕੀਤੀ । ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਘਰ-ਘਰ ਕੂੜਾ ਚੁੱਕਣ ਵਾਲੀ ਕੰਪਨੀ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੀ। ਇਸ ਦੇ ਨਾਲ ਹੀ ਵਿਸ਼ੇਸ਼ ਤੌਰ ‘ਤੇ ਚਾਰਦੀਵਾਰੀ ਸ਼ਹਿਰ ਵਿੱਚ ਸੀਵਰੇਜ ਸਿਸਟਮ ਨੂੰ ਲੈ ਕੇ ਦਰਪੇਸ਼ ਮੁਸ਼ਕਿਲਾਂ ਦਾ ਜ਼ਿਕਰ ਕੀਤਾ ਗਿਆ। ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨਾਲ ਪਹਿਲਾਂ ਹੀ ਗੱਲਬਾਤ ਹੋ ਚੁੱਕੀ ਹੈ। ਗੁਰੂ ਨਗਰੀ ਅੰਮ੍ਰਿਤਸਰ ਲਈ ਸਫਾਈ ਅਤੇ ਸੀਵਰੇਜ ਸਿਸਟਮ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ।
ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੇ ਸੁਧਾਰ ਦਾ ਪ੍ਰਾਜੈਕਟ ਜਲਦੀ ਸ਼ੁਰੂ ਕੀਤਾ ਜਾਵੇ।
ਵਿਧਾਇਕ ਡਾ: ਅਜੈ ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਸੜਕਾਂ ਦੇ ਸੁਧਾਰ ਦੇ ਪ੍ਰਾਜੈਕਟ ਬਾਰੇ ਵੀ ਅਜੋਏ ਸ਼ਰਮਾ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕਰਕੇ ਸ਼ੁਰੂ ਕੀਤਾ ਜਾਵੇ। ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨੇ ਕਿਹਾ ਕਿ ਉਹ ਇਸ ਪ੍ਰੋਜੈਕਟ ਬਾਰੇ ਪਹਿਲਾਂ ਹੀ ਦੇਖ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਵਾ ਦਿੱਤਾ ਜਾਵੇਗਾ।