ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ

Bathinda

ਬਠਿੰਡਾ, 4 ਜੁਲਾਈ : ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਸ. ਜਗਸੀਰ ਸਿੰਘ ਨੇ ਦੱਸਿਆ ਕਿ ਜਿੱਥੇ ਇਕ ਪਾਸੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਕਾਰਨ ਪੰਜਾਬ ਦੇ ਜ਼ਿਆਦਾਤਰ ਬਲਾਕ ਡਾਰਕ ਜੋਨ ਵਿੱਚ ਜਾ ਰਹੇ ਹਨ, ਜੋ ਕਿ ਆਉਣ ਵਾਲੀਆਂ ਪੀੜੀਆਂ ਲਈ ਚਿੰਤਾ ਦਾ ਵਿਸ਼ਾ ਹੈ ਉਥੇ ਹੀ ਪਿੰਡ ਭਾਗੂ ਦਾ ਵਾਤਾਵਰਣ ਪ੍ਰੇਮੀ ਅਤੇ ਅਗਾਂਹਵਧੂ ਕਿਸਾਨ ਸ.ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਡੀ.ਐਸ.ਆਰ ਵਿਧੀ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰ ਕੇ ਪਾਣੀ ਦੀ ਬੱਚਤ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਲਈ ਪ੍ਰੇਰਨਾਦਾਇਕ ਸਾਬਤ ਹੋ ਰਿਹਾ ਹੈ।

ਅਗਾਂਹਵਧੂ ਕਿਸਾਨ ਸ. ਗੁਰਸੇਵਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ 10-20 ਫੀਸਦੀ ਬੱਚਤ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ। ਕਿਸਾਨ ਨੇ ਦੱਸਿਆ ਕਿ ਬਿਜਾਈ ਦੀ ਮਜ਼ਦੂਰੀ ਤੇ ਖਰਚਾ ਘੱਟ ਹੋਣ ਕਾਰਨ ਆਮਦਨ ਵਿੱਚ ਵਾਧਾ ਹੁੰਦਾ ਹੈ ਅਤੇ ਧਰਤੀ ਹੇਠਲਾ ਪਾਣੀ 10-12 ਫੀਸਦੀ ਜ਼ਿਆਦਾ ਰੀਚਾਰਜ ਹੁੰਦਾ ਹੈ ਜੋ ਕਿ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਠੱਲ੍ਹ ਪਾਉਣ ਵਿੱਚ ਇੱਕ ਅਹਿਮ ਕਦਮ ਹੈ।

ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਹੀ ਕੀਤੀ ਜਾਵੇ, ਹਲਕੀਆਂ ਜਮੀਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਫਸਲ ਵਿੱਚ ਲੋਹੇ ਅਤੇ ਜਿੰਕ ਦੀ ਘਾਟ ਜਿਆਦਾ ਆਉਂਦੀ ਹੈ। ਝੋਨੇ ਦੀ ਸਿੱਧੀ ਬਿਜਾਈ ਤੋਂ ਪਹਿਲਾਂ ਬੀਜ ਨੂੰ 12 ਘੰਟਿਆਂ ਲਈ 2 ਪੋਟਾਸ਼ੀਅਮ ਨਾਈਟ੍ਰੇਟ ਦੇ ਘੋਲ (10 ਲੀਟਰ ਪਾਣੀ ਵਿੱਚ 200 ਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ) ਵਿੱਚ ਭਿਉਂ ਕੇ, ਛਾਵੇਂ ਸੁਕਾ ਕੇ, 3 ਗ੍ਰਾਮ ਪ੍ਰਤੀ ਕਿਲੋ ਸਪਰਿੰਟ 75 ਡਬਲਯੂ ਐਸ (ਮੈਨਕੋਜ਼ੈਬOਕਾਰਬੈਂਡਾਜ਼ਿਮ) ਨਾਲ ਸੋਧਣਾ ਲਾਜਮੀ ਹੈ ਬੀਜ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਬਿਜਾਈ ਲਈ 8-10 ਕਿਲੋ ਬੀਜ ਪ੍ਰਤੀ ਏਕੜ ਵਰਤਿਆ ਜਾਵੇ।

ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਤੁਰੰਤ ਬਾਅਦ 1 ਲੀਟਰ ਪ੍ਰਤੀ ਏਕੜ ਸਟੌਂਪ/ਬੰਕਰ 30 ਈ ਸੀ (ਪੈਂਡੀਮੈਥਾਲਿਨ) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ ਜਿਸ ਨਾਲ ਘਾਹ ਵਾਲੇ ਅਤੇ ਕੁੱਝ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਕੀਤੀ ਜਾ ਸਕਦੀ ਹੈ।

ਕਿਸਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਸ ਸਾਲ ਉਸਨੇ 30 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਸਿੱਧੀ ਬਿਜਾਈ ਰਾਹੀਂ ਲਗਾਏ ਝੋਨੇ ਤੋਂ ਪਨੀਰੀ ਵਾਲੇ ਝੋਨੇ ਦੇ ਬਰਾਬਰ ਝਾੜ ਪ੍ਰਾਪਤ ਕਰ ਰਿਹਾ ਹੈ।ਕਿਸਾਨ ਮੁਤਾਬਕ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਨਦੀਨਾਂ ਅਤੇ ਬਿਮਾਰੀਆਂ ਦੀ ਸਮੱਸਿਆ ਘੱਟ ਆਉਣ ਕਾਰਨ ਉਸਦਾ ਖੇਤੀ ਖਰਚਾ ਘਟ ਗਿਆ ਹੈ ਜਿਸ ਨਾਲ ਉਸਦੀ ਆਮਦਨ ਵਿੱਚ ਵਾਧਾ ਹੋਇਆ ਹੈ।