ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵਾਗਤ ਤੇ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ : ਜਸਪ੍ਰੀਤ ਸਿੰਘ

Punjab

ਬਠਿੰਡਾ, 8 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਉਪਰੰਤ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਮੱਸਿਆਵਾਂ ਲੈ ਕੇ ਆਉਣ ਵਾਲੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਮੀਨੀ ਪੱਧਰ ’ਤੇ ਸਥਿਤ ਬਲਾਕ ਏ ’ਚ ਕਮਰਾ ਨੰਬਰ ਜੀ-1 ਵਿਖੇ ਸਵਾਗਤ ਤੇ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ। ਇਸ ਕੇਂਦਰ ਵਿਖੇ ਜ਼ਿਲ੍ਹਾ ਪੱਧਰ ਦੇ ਅਧਿਕਾਰੀ ਨੂੰ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਇਥੇ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਵਾਲੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਕਿਸ ਅਧਿਕਾਰੀ ਜਾਂ ਵਿਭਾਗ ਨਾਲ ਸਬੰਧਤ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਨਿਯਮਤ ਤੌਰ ਦੇ ਕੰਮਾਂ ਨੂੰ ਸਮਾਂਬੱਧ ਅਤੇ ਫੌਰੀ ਤੌਰ ‘ਤੇ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਉਹ ਸਾਰੀਆਂ ਫਾਈਲਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਤਾਂ ਜੋ ਲੋਕਾਂ ਨੂੰ ਆਪਣੇ ਰੁਟੀਨ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਵਾਰ ਜਦੋਂ ਕੋਈ ਵਿਅਕਤੀ ਕਿਸੇ ਵਿਸ਼ੇਸ਼ ਸ਼ਿਕਾਇਤ/ਕੰਮ ਲਈ ਆਪਣੀ ਅਰਜ਼ੀ ਜਮ੍ਹਾਂ ਕਰਾਉਂਦਾ ਹੈ, ਤਾਂ ਇਸ ਨੂੰ ਤੁਰੰਤ ਸਬੰਧਤ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਫ਼ਤਰ ਡਿਪਟੀ ਕਮਿਸ਼ਨਰ ਵਿੱਚ ਸਥਾਪਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਆਮ ਲੋਕ ਵਿਸ਼ੇਸ਼ ਸੀਐਮ ਵਿੰਡੋ ਰਾਹੀਂ ਸੂਬਾ ਹੈੱਡਕੁਆਰਟਰ ਪੱਧਰ ‘ਤੇ ਆਪਣੀਆਂ ਸ਼ਿਕਾਇਤਾਂ ਦੇ ਸਕਣਗੇ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਨਾਲ ਜਿਥੇ ਦਫਤਰੀ ਕੰਮ-ਕਾਜ ਤੇ ਸ਼ਿਕਾਇਤਾਂ ਦੇ ਸਮੱਸਿਆ ਦੇ ਨਿਪਟਾਰੇ ਲਈ ਆਉਣ ਵਾਲੇ ਆਮ ਲੋਕ ਖੱਜਲ-ਖੁਆਰੀ ਤੋਂ ਬਚਣਗੇ, ਉਥੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਵੀ ਸਮੇਂ ਸਿਰ ਨਿਪਟਾਰਾ ਹੋ ਸਕੇਗਾ।  

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਵਾਗਤ ਤੇ ਸਹਾਇਤਾ ਕੇਂਦਰ ਦੇ ਇੰਚਾਰਜ ਸ਼੍ਰੀ ਸੁਜੀਤ ਕੁਮਾਰ ਨੇ ਦੱਸਿਆ ਕਿ ਸਵਾਗਤ ਤੇ ਸਹਾਇਤਾ ਕੇਂਦਰ ਵਿਖੇ 30 ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਲੈ ਕੇ ਆਮ ਲੋਕ ਪਹੁੰਚੇ, ਜਿਨ੍ਹਾਂ ’ਚੋਂ 18 ਸ਼ਿਕਾਇਤਾਂ/ਦਰਖਾਸਤਾਂ ਡਿਪਟੀ ਕਮਿਸ਼ਨਰ ਨਾਲ ਸਬੰਧਤ ਹੋਣ ਕਾਰਨ ਟੋਕਨ ਲਗਾ ਕੇ ਉਨ੍ਹਾਂ ਨੂੰ ਨਿਪਟਾਰੇ ਲਈ ਭੇਜਿਆ ਗਿਆ।

ਇਸ ਤੋਂ ਇਲਾਵਾ 12 ਹੋਰ ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਨ੍ਹਾਂ ਨੂੰ ਪੀਜੀਆਰਐਸ ਪੋਰਟਲ ’ਤੇ ਬਣੀ ਸੀਐਮ ਵਿੰਡੋਂ (ਮੁੱਖ ਮੰਤਰੀ ਸਹਾਇਤਾ ਕੇਂਦਰ) ਰਾਹੀਂ ਦਰਜ ਕਰਕੇ ਸਬੰਧਤ ਵਿਭਾਗਾਂ/ਅਧਿਕਾਰੀਆਂ ਨੂੰ ਜਲਦ ਤੋਂ ਜਲਦ ਨਿਪਟਾਰੇ ਲਈ ਭੇਜਿਆ ਗਿਆ।