ਫ਼ਿਰੋਜ਼ਪੁਰ, 17 ਜੁਲਾਈ 2024:
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਜ਼ਿਲ੍ਹੇ ਅੰਦਰ ਖ਼ਾਲੀ ਪਏ ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਕੇ ਸਿਵਿਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਅਬਰੋਲ ਵੱਲੋਂ ਨਵ ਨਿਯੁਕਤ ਡਾਕਟਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਜਾਰੀ ਕੀਤੇ ਅਤੇ ਆਮ ਆਦਮੀ ਕਲੀਨਿਕ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਸੰਬਧੀ ਟ੍ਰੇਨਿੰਗ ਵੀ ਦਿੱਤੀ ਗਈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਨੇ ਕਿਹਾ ਕਿ ਇਨ੍ਹਾਂ ਡਾਕਟਰਾਂ ਦੀ ਨਿਯੁਕਤੀ ਨਾਲ ਆਮ ਲੋਕਾਂ ਨੂੰ ਕਾਫ਼ੀ ਫ਼ਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਖੇ ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਇੰਟਰਵਿਊ ਰਾਹੀਂ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ। ਇੰਟਰਵਿਊ ਪੈਨਲ ਵੱਲੋਂ ਯੋਗ ਉਮੀਦਵਾਰਾਂ ਦੀ ਨਿਯਮਾਂ ਤਹਿਤ ਚੋਣ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਡਾਕਟਰਾਂ ਦੀ ਨਿਯੁਕਤੀ ਸਿਹਤ ਸਹੂਲਤਾਂ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗੀ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਡਾਕਟਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਹਦਾਇਤ ਕਰਦਿਆਂ ਕਿਹਾ ਕਿ ਡਾਕਟਰੀ ਪੇਸ਼ੇ ਵਿਚ ਮਰੀਜ ਨਾਲ ਨਰਮੀ ਨਾਲ ਵਤੀਰਾ ਅਪਣਾਇਆ ਜਾਵੇ ਅਤੇ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਸੁਪਰਡੈਂਟ ਪਰਮਵੀਰ ਮੋਂਗਾ, ਪੀ.ਏ. ਵਿਕਾਸ ਕਾਲੜਾ, ਡੀ.ਪੀ.ਐਮ. ਹਰੀਸ਼ ਕਟਾਰੀਆ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਤ੍ਰਿਪਤੀ ਟੰਡਨ ਅਤੇ ਨਵ-ਨਿਯੁਕਤ ਡਾਕਟਰ ਮੌਜੂਦ ਸਨ।