ਟਰੇਨਿੰਗ ਪਾਰਟਨਰਜ਼ ਵੱਲੋਂ ਪੰਜਾਬ ਦੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਨੂੰ ਭਰਵਾਂ ਹੁੰਗਾਰਾ

Ferozepur Politics Punjab

ਚੰਡੀਗੜ੍ਹ, 21 ਜੁਲਾਈ:

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਤਿੰਨ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਨੂੰ ਅਲਾਟ ਕਰਨ ਤੋਂ ਪਹਿਲਾਂ ਬੁਲਾਈ ਮੀਟਿੰਗ ਵਿੱਚ ਟਰੇਨਿੰਗ ਪਾਰਟਨਰਜ਼ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤੋਂ ਇਸ ਗੱਲ ਦੀ ਪੁਸ਼ਟੀ ਹੁੰਦੀ ਹੈ ਕਿ ਸੂਬੇ ਵਿੱਚ ਸੱਤਾ ਬਦਲਣ ਨਾਲ ਲੋਕਾਂ ਦਾ ਸਿਸਟਮ ਵਿੱਚ ਵਿਸ਼ਵਾਸ ਵਧਿਆ ਹੈ।
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ 30 ਬੋਲੀਕਾਰਾਂ ਨੇ ਬਿੱਡ ਤੋਂ ਪਹਿਲਾਂ ਹੋਈ ਮੀਟਿੰਗ ਵਿੱਚ ਹਿੱਸਾ ਲਿਆ, ਜਦੋਂਕਿ ਪਿਛਲੀਆਂ ਸਰਕਾਰਾਂ ਸਮੇਂ ਮਹਿਜ਼ 3-4 ਬੋਲੀਕਾਰ ਹੀ ਅਜਿਹੀਆਂ ਮੀਟਿੰਗਾਂ ਵਿੱਚ ਹਿੱਸਾ ਲੈਂਦੇ ਸਨ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਪੰਜ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਜਲੰਧਰ, ਲੁਧਿਆਣਾ, ਬਠਿੰਡਾ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਕਾਰਜਸ਼ੀਲ ਹਨ। ਜਲੰਧਰ, ਬਠਿੰਡਾ ਅਤੇ ਲੁਧਿਆਣਾ ਵਿੱਚ ਇਹ ਸੈਂਟਰ ਖਾਲੀ ਹੋ ਗਏ ਹਨ ਅਤੇ ਇਹਨਾਂ ਸੈਂਟਰਾਂ ਨੂੰ ਆਰ.ਐਫ.ਪੀ. ਪ੍ਰਕਿਰਿਆ ਦੁਆਰਾ ਸ਼ਾਰਟਲਿਸਟ ਕੀਤੀਆਂ ਸਿਖਲਾਈ ਏਜੰਸੀਆਂ ਨੂੰ ਦਿੱਤਾ ਜਾਣਾ ਹੈ।

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪੇਸ਼ੇਵਰ ਕੋਰਸ ਕਰਵਾਉਣ ਲਈ ਇਨ੍ਹਾਂ ਤਿੰਨਾਂ ਐਮ.ਐਸ.ਡੀ.ਸੀਜ਼. ਵਿੱਚ 4500 ਸੀਟਾਂ (ਹਰੇਕ ਐਮ.ਐਸ.ਡੀ.ਸੀ. ਵਿੱਚ 1500 ਸੀਟਾਂ) ਉਪਲਬਧ ਹੋਣਗੀਆਂ।
ਟਰੇਨਿੰਗ ਪਾਰਟਨਰਜ਼ ਅਤੇ ਉਦਯੋਗਿਕ ਐਸੋਸੀਏਸ਼ਨਾਂ ਨੂੰ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਸਾਰੇ ਭਾਈਵਾਲਾਂ ਨੂੰ ਐਮ.ਐਸ.ਡੀ.ਸੀਜ਼. ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਸੂਬੇ ਦੇ ਈ-ਪ੍ਰੋਕਿਊਰਮੈਂਟ ਪੋਰਟਲ ਰਾਹੀਂ ਪਿਛਲੇ ਮਹੀਨੇ ਇਨ੍ਹਾਂ ਤਿੰਨ ਐਮ.ਐਸ.ਡੀ.ਸੀਜ਼. ਲਈ ਆਰ.ਐਫ.ਪੀ. ਜਾਰੀ ਕੀਤੀ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਐਮ.ਐਸ.ਡੀ.ਸੀਜ਼. ਵਿੱਚ ਕੋਰਸ ਸਨਅਤੀ ਲੋੜਾਂ ਅਨੁਸਾਰ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਨਅਤੀ ਲੋੜਾਂ ਅਤੇ ਹੁਨਰਮੰਦ ਵਰਕਫ਼ੋਰਸ ਦਰਮਿਆਨ ਪਾੜੇ ਨੂੰ ਪੂਰਨ ‘ਤੇ ਧਿਆਨ ਕੇਂਦਰਿਤ ਲਈ ਵੀ ਕਿਹਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਰੋਜ਼ਗਾਰ ਹਾਸਲ ਕਰਨ ਦੀ ਸਮਰੱਥਾ ਨੂੰ ਹੋਰ ਵਧਾਉਣ ਦੇ ਨਾਲ-ਨਾਲ ਕਾਲਜ, ਆਈ.ਟੀ.ਆਈ. ਅਤੇ ਪੌਲੀਟੈਕਨਿਕ ਦੇ ਵਿਦਿਆਰਥੀਆਂ ਨੂੰ ਲਾਈਫ ਅਤੇ ਸਾਫ਼ਟ ਸਕਿੱਲ ਨਾਲ ਲੈਸ ਕਰਨ ਲਈ ਜਲਦੀ ਆਪਣੀ ਸਕਿੱਲ ਟਰੇਨਿੰਗ ਸਕੀਮ ਸ਼ੁਰੂ ਕਰਨ ਜਾ ਰਹੀ ਹੈ।