ਹਲਕਾ ਨਿਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ

Moga

ਮੋਗਾ, 12 ਅਗਸਤ (000) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਸਥਾਨਕ ਗੋਧੇਵਾਲਾ ਇਨਡੋਰ ਖੇਡ ਸਟੇਡੀਅਮ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹਲਕਾ ਨਿਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਮੁੱਖ ਮਹਿਮਾਨ ਵਜੋਂ ਅਤੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ ਅਤੇ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਸ਼ਾਮਿਲ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਦ੍ਰਿੜ ਵਚਨਬੱਧ ਹੈ। ਸੂਬੇ ਭਰ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਉਥੇ ਹੀ ਖੇਡਣ ਲਈ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਹੁਣ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਦੇ ਖਿਡਾਰੀ ਓਲੰਪਿਕ ਅਤੇ ਹੋਰ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਦੇਸ਼ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਿਆ ਕਰਨਗੇ।
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਇਹ ਖੇਡ ਕਿੱਟਾਂ ਇਕੱਲੇ ਨਿਹਾਲ ਸਿੰਘ ਵਾਲਾ ਹਲਕੇ ਨੂੰ ਦਿੱਤੀਆਂ ਗਈਆਂ ਹਨ। ਜਲਦ ਹੀ ਬਾਕੀ ਤਿੰਨ ਹਲਕਿਆਂ ਵਿੱਚ ਵੀ ਅਜਿਹੀਆਂ ਖੇਡ ਕਿੱਟਾਂ ਦੀ ਵੰਡ ਕੀਤੀ ਜਾਵੇਗੀ। ਉਹਨਾਂ ਸਿਰਕਢ ਖਿਡਾਰੀਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਨੂੰ ਅੱਗੇ ਵਧਣ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਅੱਜ ਕੁੱਲ 76 ਖਿਡਾਰੀਆਂ ਨੂੰ ਹਾਕੀਆਂ, ਟੀ ਸ਼ਰਟਾਂ, ਗੋਲਕੀਪਰ ਕਿੱਟਾਂ, ਪਲੇਇੰਗ ਕਿੱਟਾਂ ਅਤੇ ਹੋਰ ਸਮੱਗਰੀ ਦੀ ਵੰਡ ਕੀਤੀ। ਇਹ ਸਾਰੇ ਖਿਡਾਰੀ ਅੰਡਰ 14 ਅਤੇ 17 ਵਰਗਾਂ ਲਈ ਖੇਡਦੇ ਹਨ।