ਅੰਮ੍ਰਿਤਸਰ, 17 ਅਗਸਤ 2024 ( )-ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਗੋਲ ਬਾਗ ਵਿਖੇ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਅਤੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਨੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਦੋਵਾਂ ਕੈਬਨਿਟ ਮੰਤਰੀਆਂ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਬੁੱਤ ਉਤੇ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਰਣਜੀਤ ਸਿੰਘ ਢਿਲੋਂ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਰੀਜਨਲ ਟਰਾਂਸਪੋਰਟ ਸਕੱਤਰ ਸ: ਅਰਸ਼ਦੀਪ ਸਿੰਘ ਲੁਬਾਣਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਸਮਾਗਮ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ ਹੈ। ਉਨਾਂ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਨਮੋਲ ਵਿਰਸਾ ਅਤੇ ਸਰਮਾਇਆ ਹਨ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਵੱਲੋਂ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਲੱਖਾਂ ਹੀ ਦੇਸ਼ ਭਗਤਾਂ, ਸ਼ੂਰਬੀਰ ਯੋਧਿਆਂ ਨੇ ਕੁਰਬਾਨੀ ਦਿੱਤੀ ਹੈ, ਜਿੰਨਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜਾਂ ਵਿੱਚ ਘੁੰਮ ਰਹੇ ਹਾਂ ਅਤੇ ਇਸ ਆਜ਼ਾਦੀ ਨੂੰ ਕਾਇਮ ਰੱਖਣਾ ਵੀ ਜ਼ਰੂਰੀ ਹੈ। ਇਸ ਮੌਕੇ ਕੈਬਨਿਟ ਮੰਤਰੀ ਸ: ਭੁੱਲਰ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦਗਾਰੀ ਸਮਾਰਕ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਸ਼ਹੀਦਾਂ ਵਲੋਂ ਸਿਰਜੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਦ੍ਰਿੜ ਸੰਕਲਪ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਆਪਣਾ ਅਹੁਦਾ ਵੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੀ ਸੰਭਾਲਿਆ ਸੀ ਅਤੇ ਉਨਾਂ ਦਾ ਮੁੱਖ ਮਕਸਦ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ੂਰਬੀਰਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਵੀ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦਗਾਰੀ ਸਮਾਰਕ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਮੈਡਮ ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦਾਂ ਦੇ ਸਥਾਨਾਂ ਤੇ ਇਸ ਤਰ੍ਹਾਂ ਦੇ ਮੇਲੇ ਸਦਾ ਲਗਦੇ ਰਹਿਣਗੇ। ਉਨਾਂ ਕਿਹਾ ਕਿ ਇਨਾਂ ਸ਼ਹੀਦਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਗੈਰ ਸਾਨੂੰ ਆਜ਼ਾਦੀ ਦਿਵਾਈ ਹੈ ਅਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਇਸ ਆਜ਼ਾਦੀ ਨੂੰ ਬਰਕਾਰ ਰੱਖਣ ਲਈ ਆਪਣਾ ਯੋਗਦਾਨ ਪਾਈਏ। ਸਮਾਗਮ ਮੌਕੇ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ ਅਤੇ ਪੁਲਿਸ ਬੈਂਡ ਵਲੋਂ ਸ਼ਹੀਦਾਂ ਦੀ ਯਾਦ ਵਿੱਚ ਦੇਸ਼ ਭਗਤੀ ਦੀਆਂ ਧੁੰਨ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।
ਇਸ ਤੋਂ ਪਹਿਲਾਂ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਵਲੋਂ ਟਾਉਨ ਹਾਲ ਵਿਖੇ ਸਥਿਤ ਸ਼ਹੀਦ ਮਦਨ ਲਾਲ ਦੇ ਬੁੱਤ ਤੇ ਸ਼ਰਧਾਂਜਲੀ ਅਰਪਿਤ ਕੀਤੀ ਗਈ।
ਰਾਜ ਪੱਧਰੀ ਸਮਾਗਮ ਉਪਰੰਤ ਬੀਬੀਕੇ ਡੀ.ਏ.ਵੀ. ਕਾਲਜ ਵਿਖੇ ਸ੍ਰੀਮਤੀ ਅਨੀਤਾ ਦੇਵਗਨ ਅਤੇ ਸ੍ਰੀ ਹਰਦੀਪ ਗਿੱਲ ਦੀ ਟੀਮ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸਮਰਪਿਤ ਬਲੀਦਾਨ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ।
ਇਸ ਮੌਕੇ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਦੇ ਪ੍ਰਧਾਨ ਡਾ. ਰਾਕੇਸ਼ ਸ਼ਰਮਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ, ਚੇਅਰਮੈਨ ਸ: ਜਸਪ੍ਰੀਤ ਸਿੰਘ , ਆਮ ਆਦਮੀ ਪਾਰਟੀ ਦੇ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲ, ਜੀ.ਐਨ.ਡੀ.ਯੂ. ਸੈਨੇਟ ਮੈਂਬਰ ਸ੍ਰੀ ਸਤਪਾਲ ਸੋਖੀ, ਐਸ.ਈ. ਸ: ਸੰਦੀਪ ਸਿੰਘ ਅਤੇ ਹੋਰ ਸਖਸ਼ੀਅਤਾਂ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ।