ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮ ਪ੍ਰਸ਼ਾਸ਼ਨ ਦੀ ਰੀੜ੍ਹ ਦੀ ਹੱਡੀ ਹੁੰਦੇ – ਡਿਪਟੀ ਕਮਿਸ਼ਨਰ

Moga

ਮੋਗਾ, 19 ਅਗਸਤ (000) – ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ ਵੱਖ ਬ੍ਰਾਂਚਾਂ ਨਾਲ ਪਲੇਠੀ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮ ਪ੍ਰਸ਼ਾਸ਼ਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜੇਕਰ ਆਮ ਲੋਕਾਂ ਨਾਲ ਚੰਗਾ ਵਿਵਹਾਰ ਹੁੰਦਾ ਹੈ ਤਾਂ ਉਸਦਾ ਪ੍ਰਭਾਵ ਹੋਰ ਹੇਠਲੇ ਦਫ਼ਤਰਾਂ ਉੱਪਰ ਵੀ ਪੈਂਦਾ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਮ ਲੋਕਾਂ ਦੀਆਂ ਲੋੜਾਂ ਨੂੰ ਤੁਰੰਤ ਹੱਲ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ। ਸਾਰਿਆਂ ਨੂੰ ਖਿੜੇ ਮੱਥੇ ਮਿਲਣਾ ਚਾਹੀਦਾ ਹੈ। ਜੇਕਰ ਕਿਸੇ ਦਾ ਕੰਮ ਨਹੀਂ ਵੀ ਹੋਣ ਵਾਲਾ ਤਾਂ ਉਸਨੂੰ ਸਹੀ ਤਰੀਕੇ ਨਾਲ ਸਮਝਾ ਦੇਣਾ ਚਾਹੀਦਾ ਹੈ। ਕੰਮਾਂ ਨੂੰ ਲੇਟ ਨਹੀਂ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਮੁਲਾਜ਼ਮ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਆਦਿ ਦੀ ਲੋੜ ਹੈ ਤਾਂ ਉਹਨਾਂ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਹਨ। ਉਹਨਾਂ ਜੋਰ ਦਿੱਤਾ ਕਿ ਮੁਲਾਜ਼ਮ ਦੇ ਅਚਾਰ ਅਤੇ ਵਿਵਹਾਰ ਵਿੱਚ ਅਨੁਸ਼ਾਸਨ ਅਤੇ ਸਮਾਂ ਬੱਧਤਾ ਬਹੁਤ ਜ਼ਰੂਰੀ ਹੈ। ਅਣਗਿਹਲੀ ਕਰਨ ਵਾਲੇ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।