ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ; ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ ਨਿਰਦੇਸ਼

Politics Punjab

ਚੰਡੀਗੜ੍ਹ, 22 ਅਗਸਤ :

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਅੱਜ ਮਿਉਸੀਪਲ ਭਵਨ ਵਿਖੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਅਤੇ ਕੂੜਾ ਮੁਕਤ ਕਰਨ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੂੜੇ ਦੇ ਢੇਰ ਪਏ ਹਨ ਤਾਂ ਇਹਨਾਂ ਨੂੰ ਜਲਦ ਤੋ ਜਲਦ ਸਫਾਈ ਕਰਵਾਕੇ ਇਸ ਕੂੜੇ ਨੂੰ ਪ੍ਰੋਸੈਸਿੰਗ ਪਲਾਂਟਾ ਵਿੱਚ ਭੇਜਕੇ ਪ੍ਰੋਸੈਸ ਕੀਤਾ ਜਾਵੇ ਤਾਂ ਜੋ ਸ਼ਹਿਰਾਂ ਨੂੰ ਸਾਫ ਸੁਥਰਾ ਅਤੇ ਹਰਾ ਭਰਾ ਬਣਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰਾਂ ਵਿੱਚ ਸੀਵਰੇਜ ਦੀ ਸਾਫ ਸਫਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਬਰਸਾਤ ਦੇ ਮੋਸਮ ਦੌਰਾਨ ਸੀਵਰੇਜ ਦੇ ਬਲਾਕ ਹੋਣ ਨਾਲ ਸੀਵਰੇਜ ਦਾ ਗੰਦਾਂ ਪਾਣੀ ਗਲੀਆਂ ਅਤੇ ਸੜਕਾਂ ਵਿੱਚ ਇੱਕਠਾ ਨਾ ਹੋਵੇ।

ਸ. ਬਲਕਾਰ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਵੀ ਸਾਡੀ ਸਰਕਾਰ ਦੀ ਵਚਨਬੱਧਤਾ ਹੈ। ਉਨ੍ਹਾਂ ਆਦੇਸ ਦਿੰਦਿਆਂ ਕਿਹਾ ਕਿ ਸ਼ਹਿਰੀ ਸਥਾਨਕ ਇਕਾਈਆਂ ਨਾਲ ਸਬੰਧਤ ਰੋਜਾਨਾ ਦੇ ਕੰਮਾਂ ਨੂੰ ਵੀ ਸਮਾਂ ਬੱਧ ਤਰੀਕੇ ਨਾਲ ਨਿਪਟਾਇਆ ਜਾਣਾ ਯਕੀਨੀ ਬਣਾਇਆ ਜਾਵੇ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਕੰਮ ਕਰ ਰਹੀ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਭ੍ਰਿਸਟਾਚਾਰ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਨੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣੱਵਤਾ ਲਿਆਉਣ ਦੀ ਵੀ ਅਧਿਕਾਰੀਆਂ ਨੂੰ ਅਪੀਲ ਕੀਤੀ।

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਨੇ ਕਾਰਜ ਸਾਧਕ ਅਫ਼ਸਰਾਂ ਪਾਸੋਂ ਵੱਖ ਵੱਖ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਅਤੇ ਅਣਵਰਤੇ ਫੰਡਾਂ ਬਾਰੇ ਵਿਸਤ੍ਰਿਤ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਵਿਕਾਸ ਕਾਰਜਾਂ ਲਈ ਖਰਚਣ ਦੇ ਆਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਲਈ ਲੋਕ ਹਿੱਤ ਵਿੱਚ ਨਾ ਖਰਚਿਆ ਗਿਆ ਤਾਂ ਅਜਿਹੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਆਰੰਭ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਵਿਕਾਸ ਕਾਰਜਾਂ ਲਈ ਜੇਕਰ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਉਹ ਮੁਕੰਮਲ ਤਜਵੀਜ਼ ਤਿਆਰ ਕਰਕੇ ਹੈਡ ਕੁਆਰਟਰ ਨੂੰ ਭੇਜਣ।

ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟਾ ਅਤੇ ਵਾਟਰ ਟਰੀਟਮੈਂਟ ਪਲਾਂਟਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟਾ ਅਤੇ ਵਾਟਰ ਟਰੀਟਮੈਂਟ ਪਲਾਂਟਾ ਦੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁੱਕਵੀ ਪੰਚਾਇਤੀ ਜਗ੍ਹਾ ਦੀ ਚੋਣ ਕੀਤੀ ਜਾਵੇ ਜੇਕਰ ਇਹਨਾਂ ਪਲਾਂਟਾ ਲਈ ਪੰਚਾਇਤੀ ਜਗ੍ਹਾ ਉਪਲਬੱਧ ਨਾ ਹੋਵੇ ਤਾਂ ਸਰਕਾਰ ਦੇ ਨਿਯਮਾਂ ਨੂੰ ਅਪਣਾਉਂਦੇ ਹੋਏ ਸਬੰਧਤ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਪ੍ਰਾਈਵੇਟ ਜਗ੍ਹਾ ਦੀ ਚੋਣ ਕਰਕੇ ਜਲਦੀ ਤੋਂ ਜਲਦੀ ਖਰੀਦ ਕਰਨ ਲਈ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।

ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਅਤੇ ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ ਨੇ ਕਾਰਜ਼ ਸਾਧਕ ਅਫ਼ਸਰਾਂ ਨੂੰ ਕਿਹਾ ਕਿ ਸ਼ਹਿਰਾਂ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਲਈ ਕੂੜੇ ਦੇ ਢੇਰਾਂ ਨੂੰ ਹਟਾਇਆ ਜਾਵੇ ਅਤੇ ਇਸ ਕੂੜੇ ਦੀ ਪ੍ਰੋਸੈਸਿੰਗ ਲਈ ਇਸ ਨੂੰ ਪ੍ਰੋਸੈਸਿੰਗ ਪਲਾਂਟਾ ਵਿੱਚ ਭੇਜਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸੀਵਰੇਜ ਦੀ ਸਫਾਈ ਅਤੇ ਸਾਰੀਆਂ ਸਟਰੀਟ ਲਾਈਟਾਂ ਨੂੰ ਵਰਕਿੰਗ ਕੰਡੀਸ਼ਨ ਵਿੱਚ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੱਲੋਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸ਼ਹਿਰੀ ਸਥਾਨਕ ਇਕਾਈਆਂ ਦੇ ਕੰਮਾਂ ਨੂੰ ਵੀਕਲੀ ਰੀਵੀਊ ਕੀਤਾ ਜਾਵੇਗਾ।

ਇਸ ਮੌਕੇ ਮੀਟਿੰਗ ਵਿੱਚ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ਼ ਸਾਧਕ ਅਫਸਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।