ਸਾਰਾਗੜ੍ਹੀ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ: ਡੀ.ਸੀ.

Ferozepur Politics Punjab

ਫ਼ਿਰੋਜ਼ਪੁਰ, 11 ਸਤੰਬਰ 2024.

             12 ਸਤੰਬਰ 2024 ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਦਿਨ ਤੇ ਸੰਗਤ ਲਈ ਲੰਗਰ, ਚਾਹ, ਪਾਣੀ ਅਤੇ ਸ਼ਮਿਆਨੇ ਸਮੇਤ ਹਰ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ। ਇਸ ਰਾਜ ਪੱਧਰੀ ਸਮਾਗਮ ਦੀਆਂ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸੌਮਿਆ ਮਿਸ਼ਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

            ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ  । ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਡਾ. ਬਲਜੀਤ ਕੌਰ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਸਾਰਾਗੜ੍ਹੀ ਜੰਗ 1897 ਦੇ ਸਿੱਖ ਸੂਰਬੀਰ  ਸ਼ਹੀਦਾਂ ਦੀ ਯਾਦ ਵਿੱਚ ਵਿਲੱਖਣ ਕਿਸਮ ਦਾ “ਸਾਰਾਗੜ੍ਹੀ ਵਾਰ ਮੈਮੋਰੀਅਲ” ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ 12 ਸਤੰਬਰ 2024 ਨੂੰ ਸਾਰਾਗੜ੍ਹੀ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਆਪਣੇ ਅਧੀਨ ਹੋਣ ਵਾਲੇ ਕੰਮਾਂ ਨੂੰ ਸੁਚੱਜੇ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ।

            ਇਸ ਮੌਕੇ ਐਸ.ਐਸ.ਪੀ. ਸੌਮਿਆ ਮਿਸ਼ਰਾ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਅਧਿਕਾਰੀਆਂ ਦੀਆਂ ਵੱਖ-ਵੱਖ ਸਥਾਨਾਂ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਪਾਰਕਿੰਗ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਆਵਜਾਈ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।