ਬਠਿੰਡਾ, 18 ਸਤੰਬਰ : ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੀ ਸੁਯੋਗ ਢੰਗ ਨਾਲ ਸਾਂਭ-ਸੰਭਾਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਦੁਆਰਾ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ।
ਡਿਪਟੀ ਕਮਿਸ਼ਨਰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮੂਹ ਨੋਡਲ ਅਫਸਰ ਪਿੰਡਾਂ ਵਿਚ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਨੂੰ ਇਹ ਵੀ ਜਾਗਰੂਕ ਕਰਨ ਕਿ ਇਸ ਐਪ ਨਾਲ ਹੁਣ ਕਿਸਾਨਾਂ ਨੂੰ ਦਫਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੋਵੇਗੀ ਅਤੇ ਘਰ ਬੈਠੇ ਹੀ ਇਸ ਐਪ ਦੀ ਵਰਤੋਂ ਕਰਕੇ ਜ਼ਰੂਰਤ ਅਨੁਸਾਰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਪਿੰਡ ਪੱਧਰ ਤੇ ਨੋਡਲ ਅਫ਼ਸਰਾਂ ਰਾਹੀਂ ਵੀ ਖੇਤੀ ਮਸ਼ੀਨਰੀ ਦੀ ਬੁਕਿੰਗ ਕਰਵਾਈ ਜਾ ਸਕਦੀ ਹੈ।
ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਐਸ.ਪੀ. ਸ਼੍ਰੀ ਅਜੈ ਗਾਂਧੀ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਇਨਾਯਤ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ ਮਾਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।