ਮੁੱਖ ਮੰਤਰੀ ਵੱਲੋਂ ਸੂਬੇ ਪ੍ਰਤੀ ਸਮਰਪਣ ਅਤੇ ਪ੍ਰਤੀਬੱਧਤਾ ਦਾ ਲਾਮਿਸਾਲ ਪ੍ਰਗਟਾਵਾ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ

Politics Punjab


 ਚੰਡੀਗੜ੍ਹ, 29 ਸਤੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। 

ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਲਿਆਂਦੇ ਜਾਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿੱਚ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ ‘ਏ’ ਗਰੇਡ ਦੇ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ  
ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੀ.ਐੱਸ.ਡਬਲਯੂ.ਸੀ, ਅਤੇ ਐੱਫ.ਸੀ.ਆਈ. ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਹੀ ਖ਼ਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ।  ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ‘ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਢੁਕਵੀਂ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ, ਸੁਚਾਰੂ ਅਤੇ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਦੀ ਵਿਕਰੀ ਲਈ ਕਿਸੇ ਕਿਸਮ ਦੀ ਦਿੱਕਤ ਨਹੀਂ ਹੋਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਫ਼ਸਲ ਦੀ ਤੁਰੰਤ ਚੁਕਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਕਿਸੇ ਵੀ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਇਹ ਅਧਿਕਾਰੀਆਂ ਦੀ ਡਿਊਟੀ ਬਣਦੀ ਹੈ ਕਿ ਉਹ ਸਰਕਾਰ ਦੇ ਫੈਸਲੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਅਤੇ ਨਿਰੰਤਰ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਪੇਸ਼ ਕਰਨ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਖਰੀਦ ਕਾਰਜਾਂ ‘ਤੇ ਬਾਰੀਕੀ ਨਾਲ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫ਼ਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਜਲਦੀ ਤੋਂ ਜਲਦੀ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਦੌਰਾਨ ਮੁੱਖ ਮੰਤਰੀ ਨੇ ਅਹਿਮ ਫੈਸਲੇ ਵਿੱਚ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿ ਖਰੀਦ ਸੀਜ਼ਨ 2024-25 ਲਈ ਕਸਟਮ ਮਿਲਿੰਗ ਦੀ ਅਲਾਟਮੈਂਟ ਵਾਸਤੇ ਸਭ ਤੋਂ ਪਹਿਲਾਂ ਅਪਲਾਈ ਕਰਨ ਵਾਲੇ 750 ਮਿੱਲ ਮਾਲਕਾਂ ਨੂੰ ਨੀਤੀ ਅਨੁਸਾਰ ਅਲਾਟ ਕੀਤੇ ਝੋਨੇ ਤੋਂ 25 ਫੀਸਦੀ ਵੱਧ ਝੋਨਾ ਅਲਾਟ ਕੀਤਾ ਜਾਵੇਗਾ।