ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਵਿੱਚ ਰੀਪਰ ਚਲਾਉਣ ਤੇ ਲਗਾਈ ਪੂਰਨ ਪਾਬੰਦੀ

Politics Punjab

ਮੋਗਾ,  1 ਅਕਤੂਬਰ:
ਕਿਸਾਨ ਝੋਨੇ ਦੀ ਫ਼ਸਲ ਦੀ ਕੰਬਾਈਨ ਨਾਲ ਕਟਾਈ ਕਰਨ ਤੋਂ ਤੁਰੰਤ ਬਾਅਦ ਆਪਣੇ ਖੇਤਾਂ ਵਿੱਚ ਰੀਪਰ ਚਲਾ ਕੇ ਪਰਾਲੀ ਦੀ ਰਹਿੰਦ-ਖੂੰਹਦ ਦੀ ਕਟਾਈ ਕਰ ਦਿੰਦੇ ਹਨ ਅਤੇ ਬਾਅਦ ਵਿੱਚ ਇਸ ਨੂੰ ਅੱਗ ਲਗ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਰੀਪਰ ਨਾਲ ਕਟਾਈ ਕੀਤੇ ਗਏ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਜਿਆਦਾ ਧੂੰਆਂ ਪ੍ਰਦੂਸ਼ਣ ਫੈਲਦਾ ਹੈ ਉਥੇ ਧੂੰਏ ਕਾਰਨ ਕਈ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਫੈਲਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਰੀਪਰ ਮਾਰ ਕੇ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਲੇ ਦੁਆਲੇ ਦੇ ਖੇਤਾਂ ਵਿੱਚ ਖੜ੍ਹੀ ਫਸਲ ਅਤੇ ਦਰੱਖਤ ਵੀ ਅੱਗ ਲੱਗਣ ਨਾਲ ਸੜ ਜਾਂਦੇ ਹਨ।
ਪੰਜਾਬ ਸਰਕਾਰ ਦੇ ਸਾਇੰਸ, ਟੈਕਨਾਲੋਜੀ ਅਤੇ ਵਾਤਾਵਰਨ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ ਖੂੰਹਦ ਵਿੱਚ ਰੀਪਰ ਚਲਾਉਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਜਿਹਨਾਂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਤੋਂ ਗੱਠਾਂ ਬਣਾਈਆਂ ਜਾਣੀਆਂ ਹਨ, ਉਹਨਾਂ ਨੂੰ ਇਸ ਹੁਕਮ ਤੋਂ ਛੋਟ ਹੋਵੇਗੀ। ਇਹ ਹੁਕਮ 30 ਨਵੰਬਰ, 2024 ਤੱਕ ਲਾਗੂ ਰਹੇਗਾ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਡਾਕਟਰਾਂ ਅਤੇ ਮਾਹਿਰਾਂ ਦਾ ਇਹ ਕਹਿਣਾ ਹੈ ਇਸ ਤਰ੍ਹਾਂ ਦੇ ਵਾਤਾਵਰਨ ਵਿੱਚ ਵਿਅਕਤੀਆਂ ਨੂੰ ਸਾਹ ਲੈਣ ਵਿੱਚ ਸਮੱਸਿਆ ਆਉਂਦੀ ਹੈ, ਜਿਸ ਦਾ ਸਿੱਧਾ ਅਸਰ ਫੇਫੜਿਆਂ ਤੇ ਹੁੰਦਾ ਹੈ। ਪਰਾਲੀ ਦੇ ਧੂੰਏ ਨਾਲ ਬਿਰਧ ਵਿਅਕਤੀਆਂ, ਦਮਾਂ, ਸ਼ੂਗਰ, ਦਿਲ ਦੇ ਮਰੀਜ, ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜਤ ਅਤੇ ਛੋਟੇ ਬੱਚਿਆਂ ਤੇ ਇਸ ਦਾ ਹੋਰ ਮਾੜਾ ਅਸਰ ਪਵੇਗਾ ਅਤੇ ਇਹ ਪਰਾਲੀ ਦਾ ਧੂੰਆਂ ਘਾਤਕ ਸਿੱਧ ਹੁੰਦੇ ਹੋਏ ਵੱਡਮੁੱਲੀਆਂ ਜਾਨਾਂ ਵੀ ਲੈ ਲੈਂਦਾ ਹੈ। ਇਸ ਲਈ ਇਸ ਉਪਰ ਪੂਰਨ ਤੌਰ ਉਪਰ ਰੋਕ ਲਗਾਈ ਗਈ ਹੈ।  ਕਿਸਾਨ ਇਹਨਾਂ ਹੁਕਮਾਂ ਦੀ ਇਨ ਬਿਨ ਪਾਲਣਾ ਕਰਨ।