ਫਿਰੋਜ਼ਪੁਰ 18 ਅਕਤੂਬਰ ( ) ਮਾਣਯੋਗ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜਫ਼ਰ ਦੇ ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਵੱਲੋੰ ਵਿਵੇਕਾਨੰਦ ਵਰਲਡ ਪਬਲਿਕ ਸਕੂਲ ਫ਼ਿਰੋਜ਼ਪੁਰ ਵਿਖੇ ਜ਼ਿਲ੍ਹੇ ਦੇ ਸਮੂਹ ਸਰਕਾਰੀ,ਅਰਧ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ।
ਇਸ ਮੌਕੇ ‘ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਵੱਲੋਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪਤਵੰਤਿਆਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਕਿਹਾ ਗਿਆ ਕਿ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੁਆਰਾ ਤਿਆਰੀ ਕਰਵਾ ਕੇ ਭੇਜਣਾ ਸਲਾਹੁਣਯੋਗ ਕਦਮ ਹੈ। ਵਰਤਮਾਨ ਯੁੱਗ ਮੁਕਾਬਲੇ ਦਾ ਜਿਸ ਵਿੱਚ ਤੁਹਾਨੂੰ ਕੋਈ ਵੱਡੀ ਪ੍ਰਾਪਤੀ ਕਰਨ ਲਈ ਸਖਤ ਮੁਕਾਬਲੇ ਦੀ ਪ੍ਰੀਖਿਆ ਵਿੱਚੋੰ ਗੁਜ਼ਰਣਾ ਪੈੰਦਾ ਹੈ । ਇਸ ਲਈ ਭਾਸ਼ਾ ਵਿਭਾਗ, ਪੰਜਾਬ ਦਾ ਮੂਲ ਉਦੇਸ਼ ਹੀ ਇਹੀ ਹੈ ਕਿ ਸਾਡੇ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਦਾ ਹਾਣੀ ਬਣਾਇਆ ਜਾਵੇ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਤੇਜਿੰਦਰਪਾਲ ਕੌਰ ਨੇ ਆਏ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਸਿੱਖਿਆ ਦੇ ਮਹੱਤਵ ਅਤੇ ਸਾਰਥਿਕਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਉਹਨਾਂ ਵੱਲੋੰ ਹਮੇਸ਼ਾ ਅਜਿਹੀਆਂ ਗਤੀਵਿਧੀਆਂ ਲਈ ਸਹਿਯੋਗ ਦਿੱਤਾ ਜਾਵੇਗਾ । ਉਨ੍ਹਾਂ ਵੱਲੋਂ ਵਿਦਿਆਰਥੀਆਂ ਲਈ ਪੰਜਾਬ ਦੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨਾਲ ਸਬੰਧਤ ਪ੍ਰਸ਼ਨੋਤਰੀ ਮੁਕਾਬਲੇ ਉਲੀਕਣ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਸਰਬਪੱਖੀ ਵਿਕਾਸ ਲਈ ਅਜਿਹੇ ਮੁਕਾਬਲਿਆਂ ਦਾ ਹਿੱਸਾ ਬਣਨ ਲਈ ਪ੍ਰੇਰਿਆ ਗਿਆ।
ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਵੱਲੋਂ ਦੱਸਿਆ ਗਿਆ ਕਿ ਇਹ ਮੁਕਾਬਲੇ ਲਿਖਤੀ ਕਰਵਾਏ ਗਏ ਹਨ ਅਤੇ ਇਹਨਾਂ ਲਈ ਇੱਕ ਘੰਟਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ। ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ, ਧਰਮ, ਸ਼ਖਸੀਅਤਾਂ, ਸੱਭਿਆਚਾਰ, ਇਤਿਹਾਸ ਅਤੇ ਭੂਗੋਲ ਨਾਲ ਸਬੰਧਿਤ ਕੁੱਲ 100 ਪ੍ਰਸ਼ਨ ਪੁੱਛੇ ਗਏ ਤੇ ਪ੍ਰਸ਼ਨ ਪੱਤਰ ਦੇ ਕੁੱਲ ਅੰਕ 400 ਸਨ।
ਇਹਨਾਂ ਮੁਕਾਬਲਿਆਂ ਦੇ ਨਤੀਜਿਆਂ ਵਿੱਚ ਮਿਡਲ ਸ਼੍ਰੈਣੀਆਂ ਦੇ ਵਰਗ ‘ੳ’ ਵਿੱਚ ਪਹਿਲਾ ਸਥਾਨ ਕਾਸ਼ਿਸ਼ (ਸ.ਮ.ਸ. ਕਮਾਲਵਾਲਾ ਖੁਰਦ) , ਦੂਜਾ ਸਥਾਨ ਤਾਨੀਆ (ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ) ਅਤੇ ਤੀਜਾ ਸਥਾਨ ਗੁਰਸਿਮਰਨ ਕੌਰ (ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ) ਨੇ ਪ੍ਰਾਪਤ ਕੀਤਾ । ਸੈਕੰਡਰੀ ਜਮਾਤਾਂ ਦੇ ਵਰਗ ‘ਅ’ ਵਿੱਚੋਂ ਪਹਿਲਾਂ ਸਥਾਨ ਚੇਤੰਨਿਆ (ਵਿਵੇਕਾਨੰਦ ਵਰਲਡ ਪਬਲਿਕ ਸਕੂਲ ਫ਼ਿਰੋਜ਼ਪੁਰ), ਦੂਜਾ ਸਥਾਨ ਸ਼ਰਨਜੀਤ ਕੌਰ (ਸ.ਸ.ਸ.ਸ. ਖਾਈ ਫੇਮੇ ਕੀ) ਅਤੇ ਤੀਜਾ ਸਥਾਨ ਸਿਮਰਨਜੀਤ ਕੌਰ (ਸ.ਸ.ਸ.ਸ. ਮਾਨਾ ਸਿੰਘ ਵਾਲਾ) ਨੇ ਪ੍ਰਾਪਤ ਕੀਤਾ । ਇਸੇ ਪ੍ਰਕਾਰ ਗ੍ਰੈਜੂਏਸ਼ਨ ਜਮਾਤਾਂ ਦੇ ਵਰਗ ‘ੲ’ ਵਿੱਚ ਪਹਿਲਾਂ ਸਥਾਨ ਲਕਸ਼ਦੀਪ ਕੌਰ (ਡੀ.ਏ.ਵੀ ਕਾਲਜ ਫ਼ਾਰ ਵਿਮੈੱਨ, ਫ਼ਿਰੋਜ਼ਪੁਰ) ਅਤੇ ਦੂਜਾ ਸਥਾਨ ਸ਼ਰਨਪ੍ਰੀਤ ਕੌਰ (ਡੀ.ਏ.ਵੀ ਕਾਲਜ ਫ਼ਾਰ ਵਿਮੈੱਨ, ਫ਼ਿਰੋਜ਼ਪੁਰ) ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਨਕਦ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ । ਵੱਖ-ਵੱਖ ਵਰਗਾਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ ਪੱਧਰੀ ਪ੍ਰਸ਼ਨੋਤਰਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ।
ਇਹਨਾਂ ਮੁਕਾਬਲਿਆਂ ਦੇ ਸੰਚਾਲਨ ਵਿੱਚ ਖੋਜ ਅਫ਼ਸਰ ਦਲਜੀਤ ਸਿੰਘ, ਸੀਨੀਅਰ ਸਹਾਇਕ ਸ਼੍ਰੀ ਰਮਨ ਕੁਮਾਰ ਅਤੇ ਰਵੀ ਕੁਮਾਰ ਦਾ ਯੋਗਦਾਨ ਅਹਿਮ ਰਿਹਾ । ਇਹਨਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਵੱਲੋਂ ਵਿਵੇਕਾਨੰਦ ਵਰਲਡ ਪਬਲਿਕ ਸਕੂਲ ਫ਼ਿਰੋਜ਼ਪੁਰ ਦੇ ਪ੍ਰਿੰਸੀਪਲ ਤੇਜਿੰਦਰਪਾਲ ਕੌਰ, ਵਾਈਸ ਪ੍ਰਿੰਸੀਪਲ ਮਹਿਮਾ ਅਤੇ ਉਨ੍ਹਾ ਦੇ ਸਟਾਫ਼ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਅਧਿਆਪਕਾਂ ਤੋੰ ਮਿਲੇ ਸਹਿਯੋਗ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ|