ਵਿਧਾਇਕ ਰਣਬੀਰ ਭੁੱਲਰ ਨੇ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

Politics Punjab

ਫ਼ਿਰੋਜ਼ਪੁਰ, 23 ਅਕਤੂਬਰ 2024:

            ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੇ ਇਕ-ਇਕ ਦਾਣੇ ਦੀ ਖ਼ਰੀਦ ਕੀਤੀ ਜਾਵੇਗੀ। ਇਹ ਪ੍ਰਗਟਾਵਾ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਛਾਉਣੀ ਅਤੇ ਸ਼ਹਿਰ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ ਗਿਆ। ਇਸੇ ਦੌਰਾਨ ਉਨ੍ਹਾਂ ਵੱਲੋਂ ਖ਼ਰੀਦ ਏਜੰਸੀਆਂ ਨੂੰ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ ਗਈ।

            ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀ ‘ਚ ਝੋਨਾ ਲੈ ਕੇ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ ਅਤੇ ਕਿਸਾਨ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਦਾ ਆਪਸੀ ਤਾਲਮੇਲ ਬਣਿਆ ਹੋਇਆ ਹੈ ਅਤੇ ਖਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ।

            ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਿਰੋਜ਼ਪੁਰ ਦੀਆਂ ਸਾਰੀਆਂ ਮੰਡੀਆਂ ‘ਚ ਬੀਤੀ ਸ਼ਾਮ ਤੱਕ 258929 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 246726 ਮੀਟਰਕ ਟਨ (95 ਫੀਸਦੀ) ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਫ਼ਸਲ ਦੇ ਬਦਲੇ 405.72 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੇ ਗਏ ਕੁਲ ਝੋਨੇ ਵਿਚੋਂ ਪਨਗ੍ਰੇਨ ਵੱਲੋਂ 88682 ਮੀਟਰਕ ਟਨ, ਮਾਰਕਫੈੱਡ ਵਲੋਂ 63744 ਮੀਟਰਕ ਟਨ, ਪਨਸਪ ਵੱਲੋਂ 64744 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 29555 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। 

            ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਖਜੱਲ-ਖੁਆਰੀ ਤੋਂ ਬਚਣ ਲਈ ਝੋਨੇ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਪਰਾਲੀ ਦੇ ਸੁੱਚਜੇ ਪ੍ਰਬੰਧ ਕਰਨ ਤਾਂ ਕਿ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ ਤਾਂ ਸਾਫ਼ ਸੁੱਥਰਾ ਤੇ ਸਿਹਤਮੰਦ ਵਾਤਾਵਰਣ ਬਣਿਆ ਰਹੇ।

            ਇਸ ਮੌਕੇ ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ, ਜਗਮੀਤ ਸਿੰਘ, ਸੁਖਵਿੰਦਰ ਸਿੰਘ ਬਸਤੀ ਖੇਮਕਰਨ, ਹਿਮਾਂਸ਼ੂ ਠੱਕਰ ਆਦਿ ਹਾਜ਼ਰ ਸਨ।