ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕੰਮ ਵਿਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

Bathinda

ਬਠਿੰਡਾ, 25 ਅਕਤੂਬਰ : ਜ਼ਿਲ੍ਹੇ ਭਰ ਵਿਚ ਝੋਨੇ ਦੀ ਖਰੀਦ ਅਤੇ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੌਰਾਨ ਦਿੱਤੇ।

        ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਹਰ ਰੋਜ਼ ਮੰਡੀਆਂ ਦਾ ਵਿਜਟ ਕੀਤਾ ਜਾਵੇ ਅਤੇ ਜੇਕਰ ਕਿਸਾਨਾਂ ਨੂੰ ਝੋਨਾ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਆਦਿ ਆਵੇ ਤਾਂ ਉਸ ਦਾ ਫੌਰੀ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਵਿਚ ਕੋਈ ਦਿੱਕਤ ਨਾ ਆ ਸਕੇ।  

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹਨਾਂ ਦੀ ਫ਼ਸਲ ਸਮੇਂ-ਸਿਰ ਖਰੀਦੀ ਜਾ ਸਕੇ।

 ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।