ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਡਿਪਟੀ ਕਮਿਸ਼ਨਰ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ:

                   ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤਾ।

ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡੀ.ਏ.ਪੀ. ਖਾਦ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਉੱਚ-ਅਧਿਕਾਰੀਆਂ ਨਾਲ ਰਾਬਤੇ ਦੌਰਾਨ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਦੀ ਕੇਂਦਰ ਸਰਕਾਰ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਨਵੰਬਰ ਦੇ ਪਹਿਲੇ ਹਫਤੇ ਤੋਂ ਲਗਾਤਾਰ ਡੀ.ਏ.ਪੀ ਦੇ ਰੈਕ ਲੱਗ ਜਾਣਗੇ ਅਤੇ ਜ਼ਿਲ੍ਹੇ ਅੰਦਰ ਡੀ.ਏ.ਪੀ ਦੀ ਕਮੀ ਨਹੀਂ ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਲੋੜ ਅਨੁਸਾਰ ਖਾਦ ਦੀ ਖਰੀਦ ਕਰਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖਾਦ ਦੇ ਨਾਲ ਅਣਚਾਹੀਆਂ ਵਸਤੂਆਂ ਦੀ ਟੈਗਿੰਗ ਰੋਕਣ ਲਈ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ।

                   ਇਸ ਮੌਕੇ ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਮੂਹ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪੱਕਾ ਬਿੱਲ ਦਿੱਤਾ ਜਾਵੇ ਅਤੇ ਕਿਸੇ ਵੀ ਕਿਸਾਨ ਨੂੰ ਖਾਦ ਦੇ ਨਾਲ ਅਣਚਾਹੀਆਂ ਵਸਤੂਆਂ ਟੈੱਗ ਨਾ ਕੀਤੀਆਂ ਜਾਣ। ਜੇਕਰ ਕੋਈ ਡੀਲਰ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਆਰੰਭੀ ਜਾਵੇਗੀ। ਅੰਤ ਵਿੱਚ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਕਿਸੇ ਕਿਸਮ ਦੀ ਮੁਸ਼ਕਿਲ ਜਾਂ ਸਮੱਸਿਆ ਆਉਣ ’ਤੇ ਸਬੰਧਤ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ ਨਾਲ ਸੰਪਰਕ ਕੀਤਾ ਜਾਵੇ।